ਵਿਧਾਇਕਾ ਭਰਾਜ ਵੱਲੋਂ ਘਰਾਚੋਂ ਤੇ ਮੰਗਵਾਲ ’ਚ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਨੈਸ਼ਨਲ ਟਾਈਮਜ਼ ਬਿਊਰੋ :- ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਆਪਣੇ ਹਲਕੇ ਸੰਗਰੂਰ ਅਧੀਨ ਪਿੰਡ ਘਰਾਚੋਂ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪਿੰਡ ਮੰਗਵਾਲ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਭਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ’ਚ ਜਿਵੇਂ ਯਾਦਗਾਰੀ ਗੇਟ, ਖੇਡ ਸਟੇਡੀਅਮ, ਕਮਿਊਨਿਟੀ ਹਾਲ ਅਤੇ ਹੋਰ ਵਿਕਾਸ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਨੂੰ ਹੈਲਥ ਵੈੱਲਨੈੱਸ ਸੈਂਟਰ ਅਤੇ ਪੰਚਾਇਤ ਘਰਾਂ ਦੀ ਉਸਾਰੀ ਦੇ ਕੰਮਾਂ ਲਈ ਗ੍ਰਾਂਟ ਜਾਰੀ ਕੀਤੀ ਗਈ ਹੈ ਅਤੇ ਇਹ ਕੰਮ ਜਲਦੀ ਸ਼ੁਰੂ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ ਪਰ ਜਦੋਂ ਤੋਂ ‘ਆਪ’ ਪਾਰਟੀ ਸੱਤਾ ’ਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ’ਤੇ ਸਰਬਪੱਖੀ ਵਿਕਾਸ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਦੀ ਮੰਗ ਬਹੁਤ ਸਮਾਂ ਪਹਿਲਾਂ ਦੀ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ’ਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਹਲਕੇ ’ਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇਕ ਸਾਲ ’ਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ। ਉਨ੍ਹਾਂ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਭਵਿੱਖ ’ਚ ਵੀ ਹਰ ਤਰ੍ਹਾਂ ਦੀ ਸੇਵਾ ’ਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਸੰਗਰੂਰ ਵਿਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਸਮਾਗਮਾਂ ਦੌਰਾਨ ਵੱਡੀ ਗਿਣਤੀ ’ਚ ਇਲਾਕਾ ਨਿਵਾਸੀ ਹਾਜ਼ਰ ਸਨ

By Gurpreet Singh

Leave a Reply

Your email address will not be published. Required fields are marked *