ਸਮਾਣਾ (ਨੈਸ਼ਨਲ ਟਾਈਮਜ਼): ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕੇ ਦੇ ਐਸ.ਸੀ. ਭਾਈਚਾਰੇ ਦੇ 86 ਲਾਭਪਾਤਰੀਆਂ ਨੂੰ 1.36 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਪ੍ਰਦਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਕਰਜ਼ੇ ਮੁਆਫ਼ ਕਰਕੇ ਗਰੀਬ ਪਰਿਵਾਰਾਂ ਦੀ ਬਾਂਹ ਫੜਨ ਦਾ ਵੱਡਾ ਉਪਰਾਲਾ ਕੀਤਾ ਹੈ, ਜਿਸ ਨਾਲ ਇਹ ਲਾਭਪਾਤਰੀ ਪਰਿਵਾਰ ਹੁਣ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਣਗੇ ਅਤੇ ਆਰਥਿਕ ਤੌਰ ‘ਤੇ ਖੁਦਮੁਖਤਾਰ ਬਣ ਸਕਣਗੇ।
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 400 ਲਾਭਪਾਤਰੀਆਂ ਨੂੰ 4 ਕਰੋੜ 83 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਲਾਭ ਮਿਲਿਆ ਹੈ ਅਤੇ ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਭਾਈਚਾਰੇ ਦੇ ਲੋਕਾਂ ਨਾਲ ਕੀਤਾ ਵਾਅਦਾ ਪੁਗਾਇਆ ਹੈ।
ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਐਸ.ਸੀ. ਭਾਈਚਾਰੇ ਨਾਲ ਸੰਬੰਧਤ ਪਰਿਵਾਰਾਂ ਵੱਲੋ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ ਗਏ ਕਰਜ਼ਿਆਂ ਨੂੰ ਮਾਫ ਕਰਕੇ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਹੈ।ਉਨ੍ਹਾਂ ਨੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡਦਿਆਂ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਲੋੜਵੰਦ ਲੋਕਾਂ ਦੀ ਮਦਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਭਾਈਚਾਰੇ ਵੱਲੋਂ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੇ ਕਰਜ਼ੇ ਮਾਫ ਕੀਤੇ ਜਾਣ, ਕਿਉਂਕਿ ਹੜਾਂ, ਬਿਮਾਰੀਆਂ ਅਤੇ ਆਰਥਿਕ ਕਮਜ਼ੋਰੀ ਕਾਰਨ ਬਹੁਤ ਸਾਰੇ ਪਰਿਵਾਰ ਉਕਤ ਕਰਜ਼ੇ ਅਦਾ ਕਰਨ ਵਿੱਚ ਅਸਮਰੱਥ ਸਨ।
ਉਨ੍ਹਾਂ ਅੱਗੇ ਕਿਹਾ,ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਗਰੀਬ ਪਰਿਵਾਰਾਂ ਦੇ ਮਾਨਸਿਕ ਤਣਾਅ ਨੂੰ ਖ਼ਤਮ ਕੀਤਾ ਗਿਆ ਹੈ, ਉੱਥੇ ਹੀ ਉਨ੍ਹਾਂ ਨੂੰ ਆਰਥਿਕ ਪੱਖੋਂ ਖੜੇ ਹੋਣ ਦਾ ਮੌਕਾ ਵੀ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਵੱਲੋਂ ਵੱਖ-ਵੱਖ ਸਕੀਮਾਂ ਹੇਠ ਇਹ ਕਰਜ਼ੇ ਘੱਟ ਵਿਆਜ ਦਰਾਂ ’ਤੇ ਦਿੱਤੇ ਜਾਂਦੇ ਹਨ, ਜਿਸ ਨਾਲ ਗਰੀਬ ਪਰਿਵਾਰਾਂ ਨੂੰ ਵਪਾਰ, ਰੋਜ਼ਗਾਰ ਅਤੇ ਸਵੈਰੋਜ਼ਗਾਰ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ।
ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਕਰਜ਼ਾ ਮਾਫ ਕਰਕੇ ਉਨ੍ਹਾਂ ਨੂੰ ਵਿੱਤੀ ਬੋਝ ਤੋਂ ਮੁਕਤ ਕੀਤਾ।ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਬੱਚਿਆਂ ਦੀ ਪੜਾਈ ਅਤੇ ਪਰਿਵਾਰ ਦੀਆਂ ਜ਼ਰੂਰਤਾਂ ਲਈ ਬਿਹਤਰ ਤਰੀਕੇ ਨਾਲ ਯਤਨ ਕਰ ਸਕਣਗੇ।ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ ਅਤੇ ਵੱਡੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।