ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ ਬੰਦ, ਦੁਪਹਿਰ 2 ਵਜੇ ਤੱਕ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ

ਗੁਰਪ੍ਰੀਤ ਸਿੰਘ :- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਮੋਰਚੇ ਦੇ ਸੱਦੇ ਨੂੰ ਕਿਸਾਨ ਅਤੇ ਸਿੱਖ ਜਥੇਬੰਦੀਆਂ ਸਮੇਤ ਕਈ ਸੰਗਠਨਾਂ ਨੇ ਸਮਰਥਨ ਦਿੱਤਾ ਹੈ। ਇਸ ਕਾਰਨ ਸੂਬੇ ਵਿੱਚ ਬਾਜ਼ਾਰਾਂ, ਹਾਈਵੇਅ ਅਤੇ ਜਨਤਕ ਆਵਾਜਾਈ ’ਤੇ ਅਸਰ ਪੈਣ ਦੀ ਸੰਭਾਵਨਾ ਹੈ।

ਮੋਰਚੇ ਦਾ ਕਹਿਣਾ ਹੈ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਜੇਲ੍ਹਾਂ ਤੋਂ ਰਿਹਾਅ ਨਹੀਂ ਕੀਤਾ ਗਿਆ। ਇਸ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਮੋਰਚੇ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਹੈ।

ਮੋਰਚੇ ਦੇ ਕਨਵੀਨਰ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਬੰਦ ਦੌਰਾਨ ਹਾਈਵੇਅ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਟਰਾਂਸਪੋਰਟ ਯੂਨੀਅਨਾਂ ਨੂੰ ਦੁਪਹਿਰ 2 ਵਜੇ ਤੱਕ ਬੱਸਾਂ ਅਤੇ ਟਰੱਕ ਸੜਕਾਂ ਤੋਂ ਦੂਰ ਰੱਖਣ ਦੀ ਅਪੀਲ ਕੀਤੀ ਗਈ ਹੈ। ਹਾਲਾਂਕਿ ਐਂਬੂਲੈਂਸ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਹੈ। ਵਿਆਹ ਜਾਂ ਅੰਤਿਮ ਸੰਸਕਾਰ ਲਈ ਜਾਣ ਵਾਲੇ ਲੋਕਾਂ ਨੂੰ ਵੀ ਆਵਾਜਾਈ ਦੀ ਇਜਾਜ਼ਤ ਰਹੇਗੀ।

ਮੋਰਚੇ ਨੇ ਦੁਕਾਨਦਾਰਾਂ, ਵਪਾਰੀਆਂ, ਸਕੂਲਾਂ ਅਤੇ ਕਾਲਜਾਂ ਨੂੰ ਵੀ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਉਦਯੋਗਿਕ ਖੇਤਰਾਂ ਵਿੱਚ ਵੀ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

By Gurpreet Singh

Leave a Reply

Your email address will not be published. Required fields are marked *