ਗੁਰਪ੍ਰੀਤ ਸਿੰਘ :- ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਤਿਕਾਰ ਰਾਸ਼ੀ ਜਾਰੀ ਕੀਤੀ ਜਾਵੇਗੀ। ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਿਲਣ ਵਾਲੀ ਤੀਜੀ ਕਿਸ਼ਤ ਇਸ ਵਾਰ 1 ਤਰੀਕ ਦੀ ਬਜਾਏ 28 ਅਗਸਤ ਨੂੰ ਰੱਖੜੀ ਦੇ ਤਿਉਹਾਰ ਮੌਕੇ ਜਾਰੀ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ।
ਮੁੱਖ ਮੰਤਰੀ ਨੇ ਦੱਸਿਆ ਕਿ ਲਾਭਪਾਤਰੀ ਮਹਿਲਾਵਾਂ ਨੂੰ ਇਸ ਵਾਰ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਦਿੱਤੀ ਜਾਵੇਗੀ। ਯੋਜਨਾ ਤਹਿਤ ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (SC/ST) ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਕਿਸ਼ਤ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ, ਤਾਂ ਜੋ ਮਹਿਲਾਵਾਂ ਨੂੰ ਤਿਉਹਾਰ ਮੌਕੇ ਵਿੱਤੀ ਸਹਾਇਤਾ ਮਿਲ ਸਕੇ।
