ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਰਿਮਾਂਡ ਖਤਮ

ਗੁਰਪ੍ਰੀਤ ਸਿੰਘ :- ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜੇਵਗਾ। ਅਦਾਲਤ ਵੱਲੋਂ ਪੁਲਿਸ ਨੂੰ ਦਿੱਤਾ ਗਿਆ ਦੋ ਦਿਨਾਂ ਦਾ ਰਿਮਾਂਡ ਅੱਜ ਖਤਮ ਹੋ ਗਿਆ ਹੈ। ਦੱਸ ਦਈਏ ਕਿ ਐਡਵੋਕੇਟ ਕਰਮਵੀਰ ਸਿੰਘ ਇਸ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਨੁਮਾਇੰਦਗੀ ਕਰ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ 21 ਅਪ੍ਰੈਲ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਪਹੁੰਚੀ, ਜਿੱਥੇ ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਨਜ਼ਰਬੰਦ ਕੀਤਾ ਗਿਆ ਸੀ। NSA ਅਧੀਨ ਉਨ੍ਹਾਂ ਦੀ ਨਜ਼ਰਬੰਦੀ 22 ਅਪ੍ਰੈਲ ਨੂੰ ਖਤਮ ਹੋ ਗਈ ਸੀ, ਪਰ ਪੁਲਿਸ ਹੁਣ ਅਜਨਾਲਾ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਤੇਜ਼ ਕਰ ਰਹੀ ਹੈ।

ਇਹ ਮਾਮਲਾ ਫਰਵਰੀ 2023 ਵਿੱਚ ਅਜਨਾਲਾ ਵਿੱਚ ਪੁਲਿਸ ਥਾਣੇ ‘ਤੇ ਹਮਲੇ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਉੱਤੇ ਗੰਭੀਰ ਦੋਸ਼ ਲੱਗੇ ਸਨ। ਦੋਸ਼ ਸਨ ਕਿ ਉਨ੍ਹਾਂ ਨੇ ਬੈਰੀਕੇਡ ਤੋੜ ਕੇ ਪੁਲੀਸ ਨਾਲ ਝੜਪ ਕੀਤੀ, ਜਿਸ ਵਿੱਚ ਕਈ ਪੁਲੀਸ ਮੁਲਾਜ਼ਮਾਂ, ਸਮੇਤ ਉਸ ਵੇਲੇ ਦੇ ਐਸਪੀ ਜੁਗਰਾਜ ਸਿੰਘ ਜ਼ਖ਼ਮੀ ਹੋਏ। ਪ੍ਰਦਰਸ਼ਨਕਾਰੀਆਂ ਵੱਲੋਂ ਬੱਸ ਵਿੱਚ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਾਲ ਲਿਜਾਣ ਕਾਰਨ ਪੁਲਿਸ ਨੇ ਸਾਵਧਾਨੀ ਵਰਤੀ ਅਤੇ ਉਸ ਵੇਲੇ ਕੋਈ ਸਖਤ ਕਾਰਵਾਈ ਨਹੀਂ ਕੀਤੀ ਸੀ। ਜਿਸ ਤੋਂ ਬਾਅਦ ਪੁਲੀਸ ਨੇ 24 ਫਰਵਰੀ 2023 ਨੂੰ ਮਾਮਲਾ ਦਰਜ ਕੀਤਾ ਸੀ, ਪਰ ਮੁੱਖ ਦੋਸ਼ੀ ਖ਼ਿਲਾਫ਼ ਤੁਰੰਤ ਕਾਰਵਾਈ ਨਹੀਂ ਹੋਈ। ਬਾਅਦ ਵਿੱਚ ਤਲਾਸ਼ ਮੁਹਿੰਮ ਚਲਾਈ ਗਈ ਅਤੇ ਲਗਪਗ ਦੋ ਮਹੀਨੇ ਬਾਅਦ ਅੰਮ੍ਰਿਤਪਾਲ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ’ਤੇ ਐਨਐਸਏ ਲਾਗੂ ਕਰਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ, ਜਿਸ ਦੀ ਮਿਆਦ 2024 ਅਤੇ 2025 ਵਿੱਚ ਵਧਾਈ ਗਈ ਸੀ।

ਇੱਥੇ ਇਹ ਦੱਸ ਦਈਏ ਕਿ ਅੰਮ੍ਰਿਤਪਾਲ ਦੇ 9 ਕਰੀਬੀ ਸਾਥੀਆਂ ਦੀ ਐਨਐਸਏ ਹਿਰਾਸਤ ਪਿਛਲੇ ਸਾਲ ਨਹੀਂ ਵਧਾਈ ਗਈ ਸੀ ਤੇ ਇਨ੍ਹਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਚੁੱਕਾ ਹੈ ਅਤੇ ਉਹ ਪੁਲਿਸ ਹਿਰਾਸਤ ਵਿੱਚ ਹਨ।

By Gurpreet Singh

Leave a Reply

Your email address will not be published. Required fields are marked *