ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

ਗੁਰਪ੍ਰੀਤ ਸਿੰਘ :- ਸੰਗਰੂਰ ’ਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਨੌਜਵਾਨ ਦੀ ਮੌਤ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਾਬਕਾ ਵਿਧਾਇਕ ਅਤੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੁਰਾਲ ਵੱਲੋਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ ‘ਤੇ ਕਮਿਸ਼ਨ ਨੇ ਨੋਟਿਸ ਲੈਂਦਿਆਂ ਜਾਂਚ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਭਾਰਤ ਸਰਕਾਰ ਵੱਲੋਂ ਜਾਰੀ ਅਧਿਕਾਰਤ ਨੋਟਿਸ ਮੁਤਾਬਕ ਕਮਿਸ਼ਨ ਨੇ ਇਸ ਮਾਮਲੇ ਵਿਚ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੂੰ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ ਵਿਸਥਾਰਤ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਮਿਸ਼ਨ ਵੱਲੋਂ ਜਾਰੀ ਨੋਟਿਸ ’ਚ ਮਾਮਲੇ ਦੀ ਨਿਰਪੱਖ ਜਾਂਚ, ਪੁਲਸ ਕਾਰਵਾਈ, ਐੱਫ਼. ਆਈ. ਆਰ. ਤੇ ਸਬੰਧਤ ਧਾਰਾਵਾਂ, ਮੁਲਜ਼ਮਾਂ ਦੀ ਗ੍ਰਿਫ਼ਤਾਰੀ, ਚਾਰਜਸ਼ੀਟ ਅਤੇ ਪੀੜਤ ਪਰਿਵਾਰ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤੇ ਜਾਣ ਨਾਲ ਸਬੰਧਤ ਜਾਣਕਾਰੀ ਮੰਗੀ ਗਈ ਹੈ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਮਿਥੇ ਸਮੇਂ ਦੇ ਅੰਦਰ ਜਵਾਬ ਪ੍ਰਾਪਤ ਨਾ ਹੋਣ ਦੀ ਸੂਰਤ ਵਿਚ ਉਹ ਭਾਰਤੀ ਸੰਵਿਧਾਨ ਦੇ ਧਾਰਾ 338 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕਰ ਸਕਦਾ ਹੈ।
ਸ਼ੀਤਲ ਅੰਗੁਰਾਲ ਨੇ ਕਿਹਾ ਕਿ ਇਸ ਮਾਮਲੇ ’ਚ ਉਨ੍ਹਾਂ ਦਾ ਮਕਸਦ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨਾਲ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਵਿਧਾਨਕ ਅਤੇ ਕਾਨੂੰਨੀ ਜ਼ਰੀਏ ਆਪਣੀ ਆਵਾਜ਼ ਉਠਾਉਂਦੇ ਰਹਿਣਗੇ।

By Gurpreet Singh

Leave a Reply

Your email address will not be published. Required fields are marked *