ਨੈਸ਼ਨਲ ਟਾਈਮਜ਼ ਬਿਊਰੋ :- ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਿਲ੍ਹੇ ਅੰਦਰ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰ ਕੇ ਬਿਹਤਰ ਜ਼ਿੰਦਗੀ ਜਿਉਣ ਦਾ ਮੌਕਾ ਦੇਣ ਲਈ ਨਸ਼ਾ ਛੁਡਾਊ ਕੇਂਦਰਾਂ ’ਚ ਸਕਿੱਲ ਡਿਵੈਲਪਮੈਂਟ ਕੋਰਸ ਤੋਂ ਇਲਾਵਾ ਯੋਗ ਕਲਾਸਾਂ ਅਤੇ ਖੇਡ ਗਤੀਵਿਧੀਆਂ ਕਰਾਉਣ ਨੂੰ ਮੁੱਖ ਤਰਜੀਹ ਦਿੱਤੀ ਜਾਵੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸ਼ੱਕੀ ਕੈਮਿਸਟਾਂ ਦੀਆਂ ਦੁਕਾਨਾਂ ’ਤੇ ਨਜ਼ਰ ਰੱਖਣ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਉਜਾਲੇ ਵੱਲ ਲੈ ਕੇ ਜਾਣਾ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਬਾਰਡਰ ਏਰੀਏ ’ਚੋਂ ਨਸ਼ੀਲੀਆਂ ਵਸਤਾਂ ਵਾਲੇ ਡਰੋਨ ਦੀਆਂ ਗਤੀਵਿਧੀਆਂ 70 ਫੀਸਦੀ ਘਟੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਤੇ ਸਿਹਤਮੰਦ ਸਮਾਜ ਹੀ ਰੰਗਲੇ ਪੰਜਾਬ ਦੀ ਤਰੱਕੀ ਦਾ ਆਧਾਰ ਬਣੇਗਾ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਵੱਲੋਂ ਰਾਜ ਵਿਚ ਨਸ਼ਾ ਮੁਕਤੀ ਕੇਂਦਰਾਂ ਅਤੇ ਪੁਨਰਵਾਸ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰੀ ਹਸਪਤਾਲਾਂ ਲਈ ਡਾਕਟਰਾਂ ਅਤੇ ਹੋਰ ਅਮਲੇ ਦੀ ਜਲਦ ਭਰਤੀ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸੁਖਬੀਰ ਸਿੰਘ ਮਾਈਸਰਖਾਨਾ, ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਮਹਿਤਾ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐੱਸਐੱਸਪੀ ਅਮਨੀਤ ਕੌਂਡਲ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਨਸ਼ਾਮੁਕਤ ਤੇ ਤੰਦਰੁਸਤ ਸਮਾਜ ਹੋਵੇਗਾ ਨਵਾ ਰੰਗਲਾ ਪੰਜਾਬ: ਬਲਬੀਰ ਸਿੰਘ
