ਹੁਸ਼ਿਆਰਪੁਰ ਜ਼ਿਲ੍ਹੇ ‘ਚ ਪਟਾਕੇ ਚਲਾਉਣ ਨੂੰ ਲੈ ਕੇ ਨਵੇਂ ਹੁਕਮ ਜਾਰੀ, ਇਨ੍ਹਾਂ ਥਾਵਾਂ ‘ਤੇ ਰਹੇਗੀ ਪਾਬੰਦੀ

ਨੈਸ਼ਨਲ ਟਾਈਮਜ਼ ਬਿਊਰੋ :- ਹੁਸ਼ਿਆਰਪੁਰ (ਘੁੰਮਣ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਅੰਦਰ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿਚ ਉਨ੍ਹਾਂ ਨੇ ਜ਼ਿਲ੍ਹੇ ਵਿਚ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਦਿਨ ਅਤੇ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਇਸ ਤੋਂ ਪਹਿਲਾਂ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ 20 ਅਕਤੂਬਰ 2025 ਨੂੰ ਦੀਵਾਲੀ ਵਾਲੇ ਦਿਨ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ, 5 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ 25-26 ਦਸੰਬਰ ਨੂੰ ਕ੍ਰਿਸਮਸ ਅਤੇ 31 ਦਸੰਬਰ (ਅੱਧੀ ਰਾਤ) ਨਵੇਂ ਸਾਲ ਦੇ ਮੌਕੇ ’ਤੇ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਈਲੈਂਸ ਜ਼ੋਨਾਂ ਜਿਵੇਂ ਕਿ ਹਸਪਤਾਲ, ਵਿੱਦਿਅਕ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਸਮੂਹ ਉੱਪ ਮੰਡਲ ਮੈਜਿਸਟਰੇਟਾਂ, ਇਲਾਕਾ ਮੈਜਿਸਟਰੇਟਾਂ, ਜ਼ਿਲਾ ਪੁਲਸ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹੁਕਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।

By Gurpreet Singh

Leave a Reply

Your email address will not be published. Required fields are marked *