ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਫੋਨ ਕਰਕੇ ਇਹ ਯਕੀਨੀ ਬਣਾਉਣ ਲਈ ਆਖਿਆ ਹੈ ਕਿ ਕੋਈ ਵੀ ਪਾਕਿਸਤਾਨੀ ਨਾਗਰਿਕ ਭਾਰਤ ਛੱਡਣ ਲਈ ਤੈਅ ਸਮਾਂ ਸੀਮਾ ਤੋਂ ਵੱਧ ਮੁਲਕ ’ਚ ਨਾ ਰਹੇ। ਭਾਰਤ ਨੇ ਵੀਰਵਾਰ ਨੂੰ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਵੀਜ਼ੇ 27 ਅਪਰੈਲ ਤੋਂ ਰੱਦ ਕਰਨ ਦਾ ਐਲਾਨ ਕੀਤਾ ਸੀ ਅਤੇ ਪਾਕਿਸਤਾਨ ’ਚ ਰੁਕੇ ਹੋਏ ਸਾਰੇ ਭਾਰਤੀ ਨਾਗਰਿਕਾਂ ਨੂੰ ਛੇਤੀ ਤੋਂ ਛੇਤੀ ਘਰ ਪਰਤਣ ਦੀ ਸਲਾਹ ਦਿੱਤੀ ਸੀ। ਪਹਿਲਗਾਮ ’ਚ ਮੰਗਲਵਾਰ ਨੂੰ ਦਹਿਸ਼ਤੀ ਹਮਲੇ ਮਗਰੋਂ ਦੋਵੇਂ ਮੁਲਕਾਂ ਵਿਚਕਾਰ ਤਣਾਅ ਵਧ ਗਿਆ ਹੈ। ਇਸ ਹਮਲੇ ’ਚ 26 ਸੈਲਾਨੀ ਮਾਰੇ ਗਏ ਸਨ।
ਸੂਤਰਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਨਿੱਜੀ ਤੌਰ ’ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਫੋਨ ਕੀਤੇ। ਉਨ੍ਹਾਂ ਮੁੱਖ ਮੰਤਰੀਆਂ ਨੂੰ ਆਪਣੇ ਸੂਬਿਆਂ ’ਚ ਰਹਿ ਰਹੇ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਡਿਪੋਰਟੇਸ਼ਨ ਯਕੀਨੀ ਬਣਾਉਣ ਲਈ ਵੀ ਆਖਿਆ ਹੈ। ਹਿੰਦੂ ਪਾਕਿਸਤਾਨੀ ਨਾਗਰਿਕਾਂ ਨੂੰ ਪਹਿਲਾਂ ਤੋਂ ਜਾਰੀ ਲੰਬੇ ਸਮੇਂ ਦੇ ਵੀਜ਼ਿਆਂ ’ਤੇ ਇਹ ਕਦਮ ਲਾਗੂ ਨਹੀਂ ਹੋਵੇਗਾ ਅਤੇ ਉਨ੍ਹਾਂ ਦੇ ਵੀਜ਼ੇ ਵੈਧ ਰਹਿਣਗੇ। ਪਹਿਲਗਾਮ ’ਚ ਹੋਏ ਦਹਿਸ਼ਤੀ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਦੀਆਂ ਵੀਜ਼ਾ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਬੁੱਧਵਾਰ ਨੂੰ ਸਾਰਕ ਵੀਜ਼ਾ ਛੋਟ ਯੋਜਨਾ ਤਹਿਤ ਭਾਰਤ ਆਉਣ ਵਾਲੇ ਸਾਰੇ ਪਾਕਿਸਤਾਨੀ ਨਾਗਰਿਕਾਂ ਨੂੰ 48 ਘੰਟਿਆਂ ’ਚ ਦੇਸ਼ ਛੱਡਣ ਦੇ ਹੁਕਮ ਦਿੱਤੇ ਸਨ ਜਿਸ ਦੀ ਮਿਆਦ ਅੱਜ ਖ਼ਤਮ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਬਿਹਾਰ ਦੇ ਮਧੂਬਨੀ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਪਹਿਲਗਾਮ ਹਮਲੇ ’ਚ ਸ਼ਾਮਲ ਅਤਿਵਾਦੀਆਂ ਅਤੇ ਉਨ੍ਹਾਂ ਨੂੰ ਹਮਾਇਤ ਦੇਣ ਵਾਲਿਆਂ ਨੂੰ ਕਲਪਨਾ ਤੋਂ ਵੱਧ ਸਜ਼ਾ ਦਿੱਤੀ ਜਾਵੇਗੀ। ਇਸ ਦੌਰਾਨ ਸਰਬ ਪਾਰਟੀ ਮੀਟਿੰਗ ’ਚ ਵੀ ਸਾਰੀਆਂ ਧਿਰਾਂ ਨੇ ਸਰਕਾਰ ਨੂੰ ਪੂਰੀ ਹਮਾਇਤ ਦਿੰਦਿਆਂ ਅਤਿਵਾਦ ਅਤੇ ਦਹਿਸ਼ਤੀ ਕੈਂਪਾਂ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਕਰਨ ਦਾ ਸੱਦਾ ਦਿੱਤਾ ਸੀ।