ਨੈਸ਼ਨਲ ਟਾਈਮਜ਼ ਬਿਊਰੋ :- ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ ਮਾਮਲੇ ’ਚ ਵਧੀਕ ਜ਼ਿਲਾ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਉਨ੍ਹਾਂ ਦੇ ਦੋਵੇਂ ਪੁੱਤਰ ਹਰਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਲਗਾਤਾਰ ਦੇ ਗ਼ੈਰ-ਹਾਜ਼ਰ ਰਹਿਣ ਕਾਰਨ ਅਗਲੀ ਪੇਸ਼ੀ ’ਤੇ ਹਾਜ਼ਰ ਰਹਿਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਜੇਕਰ ਅਗਲੀ ਪੇਸ਼ੀ ’ਤੇ 16 ਸਤੰਬਰ ਨੂੰ ਦੋਵੇਂ ਭਰਾ ਅਦਾਲਤ ’ਚ ਹਾਜ਼ਰ ਨਾ ਹੋਏ ਤਾਂ ਉਨ੍ਹਾਂ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਸਕਦੀ ਹੈ।
ਜਾਣਕਾਰੀ ਅਨੁਸਾਰ ਵਿਜੀਲੈਂਸ ਜਾਂਚ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਪੁਲਸ ਸਟੇਸ਼ਨ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਬਾਅਦ ’ਚ ਧਰਮਸੌਤ ਦੇ ਦੋਵਾਂ ਲੜਕਿਆਂ ਸਮੇਤ ਹੋਰਨਾਂ ਨੂੰ ਵੀ ਇਸ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਸੀ।