ਮੋਹਾਲੀ (ਗੁਰਪ੍ਰੀਤ ਸਿੰਘ): ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਮੋਹਾਲੀ ਪ੍ਰਸ਼ਾਸਨ ਨੇ 2 ਅਤੇ 3 ਦਸੰਬਰ, 2026 ਨੂੰ ਮੀਟ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀ-ਫੜ੍ਹੀਆਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 27 ਨਵੰਬਰ ਨੂੰ ਜਾਰੀ ਕੀਤੇ ਗਏ ਹੁਕਮ ਅਨੁਸਾਰ, ਇਹ ਫੈਸਲਾ ਧਾਰਮਿਕ ਸਮਾਗਮ ਦੌਰਾਨ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਲਿਆ ਗਿਆ ਹੈ। ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਕੀਤਾ ਗਿਆ ਹੈ, ਜੋ ਸੰਭਾਵਿਤ ਖ਼ਤਰੇ ਜਾਂ ਜਨਤਕ ਪਰੇਸ਼ਾਨੀ ਦੀ ਸਥਿਤੀ ਵਿੱਚ ਜ਼ਰੂਰੀ ਪਾਬੰਦੀਆਂ ਲਗਾਉਣ ਨਾਲ ਸਬੰਧਤ ਹੈ।
ਪ੍ਰਸ਼ਾਸਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਨਿਰਧਾਰਤ ਦੋ ਦਿਨਾਂ ਦੌਰਾਨ ਮੀਟ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀ-ਫੜ੍ਹੀਆਂ ਅਤੇ ਬੁੱਚੜਖਾਨੇ ਬੰਦ ਰਹਿਣ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਅਤੇ ਉਲੰਘਣਾ ਰੋਕਣ ਲਈ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੋਹਾਲੀ ਦੇ ਸੀਨੀਅਰ ਪੁਲਿਸ ਕਪਤਾਨ, ਪੁਲਿਸ ਅਧਿਕਾਰੀਆਂ, ਨਗਰ ਨਿਗਮਾਂ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਬ-ਡਿਵੀਜ਼ਨਲ ਮੈਜਿਸਟ੍ਰੇਟਾਂ ਅਤੇ ਹੋਰ ਨਿਯੁਕਤ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਪਾਬੰਦੀਆਂ ਦਾ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਧਾਰਮਿਕ ਸਮਾਗਮਾਂ ਅਤੇ ਸ਼ੋਭਾ ਯਾਤਰਾ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨਾ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਪੈਦਾ ਨਾ ਹੋਵੇ।
ਇਹ ਹੁਕਮ 27 ਨਵੰਬਰ, 2026 ਨੂੰ ਜਾਰੀ ਕੀਤੇ ਗਏ ਹਨ ਅਤੇ ਲੋੜੀਂਦੀ ਕਾਰਵਾਈ ਲਈ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨੂੰ ਭੇਜ ਦਿੱਤੇ ਗਏ ਹਨ।
