ਨੈਸ਼ਨਲ ਟਾਈਮਜ਼ ਬਿਊਰੋ :- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਮੁੱਖ ਰਸਤੇ ਹੈਰੀਟੇਜ ਸਟਰੀਟ ਨਾਲ ਲੱਗਦੇ ਬਾਜ਼ਾਰਾਂ ਨੂੰ ਪਲਾਸਟਿਕ ਮੁਕਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਬਾਜ਼ਾਰ ਆਟਾ ਮੰਡੀ ਨਜ਼ਦੀਕ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਦੁਕਾਨਦਾਰਾਂ ਨਾਲ ਵੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਵਿਭਾਗ ਦੇ ਅਧਿਕਾਰੀਆਂ ਇੰਜੀ. ਸੁਖਮਨੀ ਸਿੰਘ ਅਤੇ ਇੰਜੀ. ਰਵੀ ਸੂਰੀ ਵੱਲੋਂ ਆਟਾ ਮੰਡੀ ਦੇ ਇਕੱਲੇ-ਇਕੱਲੇ ਦੁਕਾਨਦਾਰਾਂ ਨੂੰ ਮਿਲ ਕੇ ਸਮਝਾਇਆ ਕਿ ਪਲਾਸਟਿਕ ਦੀ ਵਰਤੋਂ ਦੇ ਲੋਕਾਂ ਨੂੰ ਕੀ ਨੁਕਸਾਨ ਹੋ ਰਹੇ ਹਨ। ਉਨ੍ਹਾਂ ਪਲਾਸਟਿਕ ਦਾ ਬਦਲ ਦਿੰਦੇ ਹੋਏ ਕਿਹਾ ਕਿ ਇਕ ਹਫਤੇ ਦੇ ਅੰਦਰ-ਅੰਦਰ ਤੁਸੀਂ ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਬੰਦ ਕਰ ਕੇ ਦੂਸਰੇ ਉਤਪਾਦਾਂ ਦੀ ਵਰਤੋਂ ਸ਼ੁਰੂ ਕਰੋ।
ਅਧਿਕਾਰੀਆਂ ਨੇ ਚਿਤਾਵਨੀ ਭਰੇ ਲਹਿਜੇ ’ਚ ਕਿਹਾ ਕਿ ਜੇਕਰ ਤੁਸੀਂ ਮਿੱਥੇ ਸਮੇਂ ਸੀਮਾ ਅੰਦਰ ਪਲਾਸਟਿਕ ਦੀ ਵਰਤੋਂ ਬੰਦ ਨਾ ਕੀਤੀ ਤਾਂ ਸਾਨੂੰ ਮਜ਼ਬੂਰਨ ਤੁਹਾਡੇ ਖਿਲਾਫ ਵਿਭਾਗੀ ਕਾਰਵਾਈ ਕਰਨੀ ਪਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦੂਸ਼ਣ ਵਿਭਾਗ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਪੈਂਦੇ ਸਾਰੇ ਬਾਜ਼ਾਰਾਂ ’ਚ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫਾਫਿਆਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਵੀ ਦੱਸਿਆ ਜਾ ਰਿਹਾ ਹੈ।