ਗੁਰਪ੍ਰੀਤ ਸਿੰਘ :- ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿੱਚ ਅੱਜ ਤੋਂ ਸਰਕਾਰੀ ਕੰਮਕਾਜ ਠੱਪ ਹੋਣ ਜਾ ਰਿਹਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕਰ ਦਿੱਤਾ ਹੈ।
ਦਰਅਸਲ ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ 26 ਨਵੰਬਰ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਤੈਅ ਕੀਤੀ ਗਈ ਸੀ। ਯੂਨੀਅਨ ਦੇ ਦਾਅਵੇ ਮੁਤਾਬਕ ਇਸ ਮੀਟਿੰਗ ਵਿੱਚ ਕੋਈ ਵੀ ਸਰਕਾਰੀ ਨੁਮਾਇੰਦਾ ਨਹੀਂ ਪਹੁੰਚਿਆ। ਜਿਸ ਤੋਂ ਬਾਅਦ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਤੋਂ ਬਾਅਦ ਅੱਜ ਮੁਲਾਜ਼ਮ ਜਥੇਬੰਦੀਆਂ ਨੇ ਕੰਮਕਾਜ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ।
ਯੂਨੀਅਨ ਦਾ ਕਹਿਣਾ ਹੈ ਕਿ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਸਕੱਤਰੇਤ ਵੀ ਪਹੁੰਚੇ ਸਨ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਕੋਈ ਗੰਭੀਰ ਪਹਿਲਕਦਮੀ ਨਹੀਂ ਕੀਤੀ ਗਈ।
ਦੂਜੇ ਪਾਸੇ ਹੜਤਾਲ ਦੇ ਐਲਾਨ ਤੋਂ ਬਾਅਦ ਬੀਤੀ ਰਾਤ ਕੰਪਨੀ ਵੱਲੋਂ ਮੁਲਾਜ਼ਮਾਂ ਨੂੰ ਈ-ਮੇਲ ਭੇਜ ਕੇ ਚਿਤਾਵਨੀ ਦਿੱਤੇ ਜਾਣ ਦਾ ਵੀ ਦਾਅਵਾ ਕੀਤਾ ਗਿਆ ਹੈ ਕਿ ਜੇਕਰ ਉਹ ਡਿਊਟੀ ‘ਤੇ ਨਹੀਂ ਪਹੁੰਚਦੇ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਕੱਢਿਆ ਜਾ ਸਕਦਾ ਹੈ।
ਪਰ ਪੰਜਾਬ ਸੇਵਾ ਕੇਂਦਰ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਸਪੱਸ਼ਟ ਕੀਤਾ ਹੈ ਕਿ ਮੁਲਾਜ਼ਮ ਅਜਿਹੀਆਂ ਚਿਤਾਵਨੀਆਂ ਤੋਂ ਪਿੱਛੇ ਹਟਣ ਵਾਲੇ ਨਹੀਂ ਹਨ ਅਤੇ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣਗੇ।
ਯੂਨੀਅਨ ਵੱਲੋਂ ਅੱਜ ਤੋਂ ਪੰਜਾਬ ਦੇ ਸਮੂਹ ਡੀਸੀ ਦਫ਼ਤਰਾਂ ਦੇ ਬਾਹਰ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ 4 ਦਸੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦੇ ਬਾਹਰ ਧਰਨਾ ਲਾਉਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ।
ਹੁਣ ਦੇਖਣਾ ਹੋਵੇਗਾ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਇਸ ਅਣਮਿੱਥੇ ਸਮੇਂ ਦੀ ਹੜਤਾਲ ਨਾਲ ਆਮ ਲੋਕਾਂ ਦੇ ਰੋਜ਼ਾਨਾ ਸਰਕਾਰੀ ਕੰਮਕਾਜ ‘ਤੇ ਕਿੰਨਾ ਅਸਰ ਪੈਂਦਾ ਹੈ ਅਤੇ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਕੋਈ ਹੱਲ ਕੱਢਦੀ ਹੈ ਜਾਂ ਨਹੀਂ।
ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਕੰਮਕਾਜ ਠੱਪ ਹੋਣ ਨਾਲ ਆਮ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਨਾਲ ਲੋਕਾਂ ਦੇ ਜ਼ਰੂਰੀ ਦਸਤਾਵੇਜ਼ਾਂ ਅਤੇ ਸਰਕਾਰੀ ਕੰਮਾਂ ਵਿੱਚ ਦੇਰੀ ਹੋ ਸਕਦੀ ਹੈ।
