ਤਰਨਤਾਰਨ- ਤਰਨਤਾਰਨ ਤੋਂ ਖਡੂਰ ਸਾਹਿਬ ਰੋਡ ’ਤੇ ਮੌਜੂਦ ਪਿੰਡ ਕੰਗ ਵਿਖੇ ਬੀਤੀ ਰਾਤ ਇਕ ਪੈਟਰੋਲ ਪੰਪ ਨੂੰ 3 ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਉਂਦੇ ਹੋਏ ਕਰਮਚਾਰੀ ਕੋਲੋਂ ਹਥਿਆਰਾਂ ਦੀ ਨੋਕ ’ਤੇ 15000 ਦੀ ਰਕਮ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਪੰਪ ’ਤੇ ਮੌਜੂਦ ਡੀ. ਵੀ. ਆਰ ਨੂੰ ਵੀ ਆਪਣੇ ਨਾਲ ਲੈ ਕੇ ਫਰਾਰ ਹੋ ਗਏ। ਇਸ ਘਟਨਾ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਲਾਸ਼ ਫਿਲਿੰਗ ਸਟੇਸ਼ਨ ਪਿੰਡ ਕੰਗ ਪੈਟਰੋਲ ਪੰਪ ਦੇ ਕਰਮਚਾਰੀ ਬਲਬੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਰਾਤ ਕਰੀਬ 10 ਵਜੇ ਜਦੋਂ ਉਹ ਪੰਪ ਦੇ ਕਮਰੇ ਅੰਦਰ ਸੁੱਤਾ ਪਿਆ ਸੀ ਤਾਂ ਉਸਨੂੰ ਅਚਾਨਕ ਇਕ ਮੋਟਰਸਾਈਕਲ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਬਾਹਰ ਆਇਆ ਤਾਂ ਤਿੰਨ ਵਿਅਕਤੀਆਂ ਨੇ ਉਸ ਨੂੰ ਮੋਟਰਸਾਈਕਲ ’ਚ ਤੇਲ ਪਾਉਣ ਲਈ ਕਿਹਾ। ਉਸਨੇ ਦੱਸਿਆ ਕਿ ਪੈਟਰੋਲ ਪੰਪ ਬੰਦ ਹੋ ਚੁੱਕਾ ਹੈ। ਵੇਖਦੇ ਹੀ ਵੇਖਦੇ ਇਕ ਵਿਅਕਤੀ ਨੇ ਪਿਸਤੌਲ ਕੱਢ ਕੇ ਉਸ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਗਈ। ਜਦੋਂ ਉਸਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਉਸਦੇ ਦੋ ਬਾਕੀ ਸਾਥੀਆਂ ਨੇ ਦਾਤਰ ਅਤੇ ਹੋਰ ਮਾਰੂ ਹਥਿਆਰ ਕੱਢ ਕੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣੀ ਸ਼ੁਰੂ ਕਰ ਦਿੱਤੀ।
ਇਸ ਤੋਂ ਬਾਅਦ ਉਸ ਕੋਲ ਮੌਜੂਦ ਕਰੀਬ 15 ਹਜ਼ਾਰ ਰੁਪਏ ਦੀ ਰਕਮ ਲੁਟੇਰਿਆਂ ਨੇ ਜ਼ਬਰਦਸਤੀ ਖੋਹ ਲਈ ਅਤੇ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਹੋ ਤਰਨਤਾਰਨ ਵਾਲੀ ਸਾਈਡ ਫਰਾਰ ਹੋ ਗਏ। ਬਲਬੀਰ ਸਿੰਘ ਨੇ ਦੱਸਿਆ ਕਿ ਲੁਟੇਰੇ ਜਾਂਦੇ ਸਮੇਂ ਪੈਟਰੋਲ ਪੰਪ ਦੀ ਭੰਨ-ਤੋੜ ਕਰ ਗਏ ਅਤੇ ਡੀ. ਵੀ. ਆਰ. ਨੂੰ ਵੀ ਆਪਣੇ ਨਾਲ ਲੈ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਇਸ ਵਾਰਦਾਤ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।