ਦਿੱਲੀ ਦੇ ਲੋਕ ਨਿਵਾਸ ਵਿਖੇ ਸ਼ਬਦ ਕੀਰਤਨ ’ਚ ਸ਼ਾਮਲ ਹੋਏ PM ਮੋਦੀ, ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਕੀਤਾ ਯਾਦ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਦਿੱਲੀ ਦੇ ਲੋਕ ਨਿਵਾਸ ਵਿਖੇ ਕਰਵਾਏ ਗਏ ਸ਼ਬਦ ਕੀਰਤਨ ਸਮਾਗਮ ਵਿੱਚ ਸ਼ਾਮਲ ਹੋਏ। ਇਸ ਸਮਾਗਮ ਦੀ ਮੇਜ਼ਬਾਨੀ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਵੱਲੋਂ ਕੀਤੀ ਗਈ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਸਮਾਗਮ ਦੌਰਾਨ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਆਪਣੇ ਰੁਝੇਵਿਆਂ ਭਰੇ ਸਮੇਂ ਵਿੱਚੋਂ ਸਮਾਂ ਕੱਢ ਕੇ ਇਸ ਸਮਾਗਮ ਵਿੱਚ ਸ਼ਿਰਕਤ ਕਰਨਾ ਦਿੱਲੀ ਦੇ ਲੋਕਾਂ ਅਤੇ ਖ਼ਾਸ ਕਰਕੇ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ।

ਸੰਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦੀ ਪੂਰਵ ਸੰਧਿਆ ’ਤੇ ਪ੍ਰਧਾਨ ਮੰਤਰੀ ਦਾ ਇੱਥੇ ਪਹੁੰਚਣਾ ਸਮੁੱਚੀ ਸੰਗਤ ਲਈ ਖੁਸ਼ੀ ਅਤੇ ਮਾਣ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਇਸ ਰਿਹਾਇਸ਼ ਵਿਖੇ ਪਹਿਲਾਂ ਕਿਸੇ ਪ੍ਰਧਾਨ ਮੰਤਰੀ ਵੱਲੋਂ ਅਜਿਹੇ ਸਮਾਗਮ ਵਿੱਚ ਸ਼ਿਰਕਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਮੌਜੂਦਗੀ ਗੁਰੂ ਨਾਨਕ ਦੇਵ ਜੀ ਪ੍ਰਤੀ ਉਨ੍ਹਾਂ ਦੀ ਸ਼ਰਧਾ ਅਤੇ ਸਿੱਖ ਭਾਈਚਾਰੇ ਪ੍ਰਤੀ ਪਿਆਰ ਨੂੰ ਦਰਸਾਉਂਦੀ ਹੈ।

ਉਪ ਰਾਜਪਾਲ ਨੇ ਕਿਹਾ ਕਿ ਇਹ ਸਿਰਫ਼ ਇੱਕ ਧਾਰਮਿਕ ਸਮਾਗਮ ਨਹੀਂ ਹੈ, ਸਗੋਂ ਸਾਰੇ ਧਰਮਾਂ ਦੇ ਲੋਕਾਂ ਲਈ ਆਪਸੀ ਏਕਤਾ, ਪਿਆਰ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਵੀ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਨੇ ਪਿਛਲੇ 500 ਸਾਲਾਂ ਤੋਂ ਭਾਰਤੀ ਸੱਭਿਅਤਾ ਦਾ ਮਾਰਗਦਰਸ਼ਨ ਕੀਤਾ ਹੈ ਅਤੇ ਮਨੁੱਖਤਾ ਨੂੰ ਸਹੀ ਰਸਤਾ ਦਿਖਾਇਆ ਹੈ।

ਸੰਧੂ ਨੇ ਗੁਰੂ ਨਾਨਕ ਦੇਵ ਜੀ ਦੀਆਂ ਤਿੰਨ ਪ੍ਰਮੁੱਖ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਮਾਨਤਾ ਅਤੇ ਮਨੁੱਖੀ ਸਨਮਾਨ, ਸਿੱਖਿਆ ਅਤੇ ਗਿਆਨ ਦੇ ਪ੍ਰਸਾਰ ਦੇ ਨਾਲ-ਨਾਲ ਨਿਸ਼ਕਾਮ ਸੇਵਾ ਅਤੇ ਸਰਬੱਤ ਦੇ ਭਲੇ ਦਾ ਸਿਧਾਂਤ ਬੇਹੱਦ ਮਹੱਤਵਪੂਰਨ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ ਅਤੇ ਜਾਤੀ ਆਧਾਰਿਤ ਵਿਤਕਰੇ ਦਾ ਵਿਰੋਧ ਕੀਤਾ ਅਤੇ ਹਰ ਮਨੁੱਖ ਨੂੰ ਬਰਾਬਰ ਸਮਝਣ ਦੀ ਸਿੱਖਿਆ ਦਿੱਤੀ। ਉਨ੍ਹਾਂ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜਿੱਥੇ ਕਿਸੇ ਵਿਅਕਤੀ ਦੀ ਜਾਤ, ਧਰਮ ਜਾਂ ਸਮਾਜਿਕ ਰੁਤਬੇ ਦੇ ਆਧਾਰ ’ਤੇ ਉਸ ਨਾਲ ਕੋਈ ਭੇਦਭਾਵ ਨਾ ਹੋਵੇ।

ਸਿੱਖਿਆ ਅਤੇ ਗਿਆਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਗਿਆਨ ਦੀ ਪ੍ਰਾਪਤੀ ਰਾਹੀਂ ਮਨੁੱਖ ਅਗਿਆਨਤਾ ਤੋਂ ਮੁਕਤ ਹੋ ਸਕਦਾ ਹੈ ਅਤੇ ਸਮਾਜ ਨੂੰ ਤਰੱਕੀ ਤੇ ਨਿਆਂ ਦੇ ਰਾਹ ’ਤੇ ਅੱਗੇ ਵਧਾਇਆ ਜਾ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਤੀਜੀ ਅਤੇ ਅਹਿਮ ਸਿੱਖਿਆ ਨਿਸ਼ਕਾਮ ਸੇਵਾ, ਦਇਆ ਅਤੇ ਸਮੁੱਚੀ ਮਨੁੱਖਤਾ ਦੇ ਭਲੇ ਨਾਲ ਜੁੜੀ ਹੋਈ ਹੈ। ਗੁਰੂ ਸਾਹਿਬ ਨੇ ਸਿੱਖਿਆ ਦਿੱਤੀ ਕਿ ਸੱਚੀ ਸ਼ਰਧਾ ਸਿਰਫ਼ ਵਿਚਾਰਾਂ ਜਾਂ ਧਾਰਮਿਕ ਵਿਸ਼ਵਾਸਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਦਾ ਪ੍ਰਗਟਾਵਾ ਮਨੁੱਖਤਾ ਦੀ ਸੇਵਾ ਅਤੇ ਦੂਜਿਆਂ ਦੀ ਭਲਾਈ ਰਾਹੀਂ ਹੋਣਾ ਚਾਹੀਦਾ ਹੈ।

By Gurpreet Singh

Leave a Reply

Your email address will not be published. Required fields are marked *