ਪਠਾਨਕੋਟ (ਗੁਰਪ੍ਰੀਤ ਸਿੰਘ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪਠਾਨਕੋਟ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦਾ ਦੌਰਾ ਕੀਤਾ, ਜਿੱਥੇ ਹੜ੍ਹ ਅਤੇ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੀ ਸਮੀਖਿਆ ਕਰਨ ਤੋਂ ਬਾਅਦ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ।
ਪਠਾਨਕੋਟ ਵਿਖੇ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ, “ਅੱਜ ਪਠਾਨਕੋਟ ਵਿਖੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ Narendra Modi ਜੀ ਦਾ ਸਵਾਗਤ ਕਰਕੇ ਬਹੁਤ ਮਾਣ ਮਹਿਸੂਸ ਹੋਇਆ। ਉਹ ਵਿਸ਼ੇਸ਼ ਤੌਰ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਖ਼ੁਦ ਸਥਿਤੀ ਦਾ ਜਾਇਜ਼ਾ ਲੈਣ ਲਈ ਆਏ ਹਨ। ਉਨ੍ਹਾਂ ਦੀ ਇਹ ਫੇਰੀ ਪੰਜਾਬ ਦੇ ਹਰ ਨਾਗਰਿਕ ਲਈ ਉਮੀਦ ਅਤੇ ਹੌਂਸਲੇ ਦਾ ਸੰਦੇਸ਼ ਹੈ।”
ਪ੍ਰਧਾਨ ਮੰਤਰੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਦੀ ਯੋਜਨਾ ਬਣਾਈ ਹੈ, ਜਿਸ ਤੋਂ ਬਾਅਦ ਉਹ ਸਥਾਨਕ ਪ੍ਰਸ਼ਾਸਨ ਅਤੇ ਅਧਿਕਾਰੀਆਂ ਨਾਲ ਬੈਠਕ ਕਰਕੇ ਰਾਹਤ ਅਤੇ ਪੁਨਰਵਾਸ ਦੇ ਉਪਾਅਆਂ ‘ਤੇ ਚਰਚਾ ਕਰਨਗੇ। ਸੂਤਰਾਂ ਮੁਤਾਬਕ, ਪ੍ਰਧਾਨ ਮੰਤਰੀ ਪੰਜਾਬ ਵਿੱਚ ਵੀ ਵਿੱਤੀ ਸਹਾਇਤਾ ਅਤੇ ਰਾਹਤ ਪੈਕੇਜ ਦਾ ਐਲਾਨ ਕਰ ਸਕਦੇ ਹਨ, ਜਿਸ ਵਿੱਚ ਕਿਸਾਨਾਂ, ਪਸ਼ੂ ਪਾਲਕਾਂ ਅਤੇ ਪ੍ਰਭਾਵਿਤ ਪਰਿਵਾਰਾਂ ਲਈ ਵਿਸ਼ੇਸ਼ ਸਹਾਇਤਾ ਸ਼ਾਮਲ ਹੋ ਸਕਦੀ ਹੈ।
ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਵਿੱਚ ਹੜ੍ਹ ਪੀੜਤਾਂ ਨੂੰ ਮੁੜ ਵਸੇਬੇ ਲਈ ਪੀਐਮ ਆਵਾਸ ਯੋਜਨਾ, ਸਮਗਰ ਸਿੱਖਿਆ ਅਭਿਯਾਨ ਅਤੇ ਪਾਣੀ ਸੰਭਾਲ ਸਟ੍ਰਕਚਰਜ਼ ਵਰਗੀਆਂ ਯੋਜਨਾਵਾਂ ਦੀ ਸ਼ੁਰੂਆਤ ਦੀ ਗੱਲ ਕੀਤੀ ਸੀ। ਅਜਿਹੀਆਂ ਹੀ ਯੋਜਨਾਵਾਂ ਪੰਜਾਬ ਵਿੱਚ ਵੀ ਲਾਗੂ ਕੀਤੇ ਜਾਣ ਦੀ ਸੰਭਾਵਨਾ ਹੈ।
