ਨੈਸ਼ਨਲ ਟਾਈਮਜ਼ ਬਿਊਰੋ :- ਮਜੀਠਾ ਹਲਕੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਥੋੜੀ ਦੇਰ ‘ਚ ਹੀ ਚੰਡੀਗੜ੍ਹ ਤੋਂ ਮਜੀਠਾ ਪੁੱਜਣਗੇ। ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ। ਉਹਨਾਂ ਨੇ ਇਸ ਮੰਦਭਾਗੀ ਘਟਨਾ ‘ਤੇ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਸੀਐਮ ਮਾਨ ਨੇ ਟਵੀਟ ਕੀਤਾ ਕਿ “ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।”
ਦੱਸ ਦਈਏ ਕਿ ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੰਜਾਬ ਪੁਲਿਸ ਨੇ ਤੁਰੰਤ ਐਕਸ਼ਨ ਲੈਂਦਾ ਨਕਲੀ ਸ਼ਰਾਬ ਰੈਕੇਟ ਦੇ ਮਾਸਟਰਮਾਈਂਡ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਅੰਮ੍ਰਿਤਸਰ ਦੇ ਦਿਹਾਤੀ ਖੇਤਰ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਆਬਕਾਰੀ ਐਕਟ ਦੀ ਧਾਰਾ 105 ਬੀਐਨਐਸ ਅਤੇ 61ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਹੋਰ ਮੁਲਜ਼ਮਾਂ ਵਿੱਚ ਪ੍ਰਭਜੀਤ ਦਾ ਭਰਾ ਕੁਲਬੀਰ ਸਿੰਘ ਉਰਫ ਜੱਗੂ, ਸਾਹਿਬ ਸਿੰਘ ਉਰਫ ਸਰਾਏ, ਗੁਰਜੰਟ ਸਿੰਘ ਅਤੇ ਨਿੰਦਰ ਕੌਰ ਸ਼ਾਮਲ ਹਨ।