ਪਾਣੀ ਤੇ ਸਿਆਸਤ – ਭਾਜਪਾ/ਆਪ
ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਮਾਨ ਨੇ ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦਿੱਤੇ ਜਾਣ ਦੇ ਫੈਸਲੇ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ ਨਾਲ ਅੱਜ ਮੁੱਖ ਮੰਤਰੀ ਨੇ ਇੱਥੇ ਪਾਰਟੀ ਦੇ ਵਿਧਾਇਕਾਂ ਨਾਲ ਹੋਈ ਇਕ ਮੀਟਿੰਗ ਵਿੱਚ ਇਹ ਐਲਾਨ ਕੀਤਾ ਕਿ ਭਲਕੇ 2 ਮਈ ਨੂੰ ਇਸ ਮਾਮਲੇ ’ਤੇ ਆਲ ਪਾਰਟੀ ਮੀਟਿੰਗ ਹੋਵੇਗੀ ਅਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਪੰਜਾਬ ਦੇ ਵਿਰੋਧ ਵਿਚਾਲੇ ਹਰਿਆਣਾ ਨੂੰ 8500 ਕਿਊਸਿਕ ਹੋਰ ਪਾਣੀ ਦਿੱਤੇ ਜਾਣ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਇਸ ਨੂੰ ਭਾਜਪਾ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਤੇ ਕੇਂਦਰ ਸਰਕਾਰ ਵੱਲੋਂ ਇਕ ਵਾਰ ਫ਼ਿਰ ਪੰਜਾਬ ਤੇ ਪੰਜਾਬੀਆਂ ਦੀ ਪਿੱਠ ‘ਚ ਛੁਰਾ ਮਾਰਨ ਵਾਲਾ ਕੰਮ ਕੀਤਾ ਗਿਆ ਹੈ। BBMB ਵਿਚੋਂ ਪੰਜਾਬ ਦੇ ਹਿੱਸੇ ਦਾ ਪਾਣੀ ਕੱਟ ਕੇ ਹਰਿਆਣਾ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਹ ਧੋਖਾ ਬਰਦਾਸ਼ਤ ਨਹੀਂ ਕਰੇਗਾ। ਪੰਜ ਦਰਿਆਵਾਂ ਵਾਲੇ ਪੰਜਾਬ ਦੀ ਜਿੰਦ-ਜਾਨ ਪਾਣੀ ਹੈ, ਇਸ ਪਾਣੀ ਨੂੰ ਤੁਸੀਂ ਇਸ ਤਰ੍ਹਾਂ ਕਿਸੇ ਵੀ ਗੁਆਂਢੀ ਸੂਬੇ ਨੂੰ ਨਹੀਂ ਦੇ ਸਕਦੇ। ਨਾਲ ਹੀ ਉਹਨਾਂ ਕਈ ਬੀਜੇਪੀ ਨੇਤਾਵਾਂ ਤੇ ਸਵਾਲ ਕੀਤੇ ਤੇ ਓਹਨਾਂ ਨੂੰ ਕੁਰਸੀ ਬਚਾਉਣ ਵਾਲੇ ਕਰਾਰ ਦਿੱਤਾ।
ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਪਾਣੀ ਸਾਨੂੰ ਆਪਣੇ ਖ਼ੂਨ ਤੋਂ ਵੀ ਪਿਆਰਾ ਹੈ ਤੇ ਇਸ ਲਈ ਅਸੀਂ ਕਿਸੇ ਵੀ ਹੱਦ ਤਕ ਜਾਵਾਂਗੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਅੱਗ ਨਾਲ ਨਾ ਖੇਡਣ। ਉਨ੍ਹਾਂ ਨੇ ਕਿਹਾ ਕਿ ਤੁਸੀਂ ਪਹਿਲਾਂ ਵੀ ਪੰਜਾਬ ਨਾਲ ਗੱਦਾਰੀ ਕੀਤੀ ਹੈ। ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਤੇ 3 ਕਰੋੜ ਪੰਜਾਬੀ ਕਿਸੇ ਵੀ ਹੱਦ ਤਕ ਜਾਣਗੇ ਪਰ ਇਹ ਧੋਖਾ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪਾਣੀ ਦੀ ਰੱਖਿਆ ਲਈ ਵਚਨਬੱਧ ਹੈ।
