ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਬਰਖਾਸਤਗੀ ਤੋਂ ਬਾਅਦ ਸ਼ੁਕਰਾਨਾ ਅਰਦਾਸ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਅਕਾਲ ਤਖਤ ਦੇ ਜਥੇਦਾਰ ਦੀ ਸੇਵਾ ਤੋਂ ਹਟਾਏ ਜਾਣ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜਿੰਨੀ ਦੇਰ ਗੁਰੂ ਨੇ ਸੇਵਾ ਬਖਸ਼ੀ ਹੈ, ਉਨ੍ਹਾਂ ਗੁਰੂ ਦੇ ਹੁਕਮ ਅੰਦਰ ਉਂਨਾ ਸਮਾਂ ਸੇਵਾ ਕੀਤੀ ਹੈ। ਉਹ ਗੁਰੂ ਦੇ ਹੁਕਮ ਵਿੱਚ ਖੁਸ਼ ਹਨ।
ਉਨ੍ਹਾਂ ਦੱਸਿਆ ਕਿ ਇਸ ਫੈਸਲੇ ਤੋਂ ਬਾਅਦ ਅੱਜ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖਤ ਵਿਖੇ ਮੱਥਾ ਟੇਕਿਆ ਅਤੇ ਹੋਈਆਂ ਭੁੱਲਾਂ-ਚੁੱਕਾਂ ਦੀ ਖਿਮਾ ਯਾਚਨਾ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਗੁਰੂ ਦੀ ਕਿਰਪਾ ਨਾਲ ਹੀ ਮਿਲਦੀ ਅਤੇ ਗੁਰੂ ਨੇ ਉਨ੍ਹਾਂ ਕੋਲੋਂ ਚੰਗੇ ਢੰਗ ਨਾਲ ਸੇਵਾ ਲਈ।
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਬੀਤੇ ਕੱਲ ਹੋਈ ਮੀਟਿੰਗ ਵਿੱਚ ਉਨ੍ਹਾਂ ਦੀਆਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਗਿਆਨੀ ਰਘਬੀਰ ਸਿੰਘ ਇਸ ਵੇਲੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਵੀ ਹਨ ਅਤੇ ਉਨ੍ਹਾਂ ਦੀਆਂ ਇਹ ਸੇਵਾਵਾਂ ਜਾਰੀ ਰੱਖੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਅਚਨਚੇਤ ਜਥੇਦਾਰ ਦੀਆਂ ਸੇਵਾਵਾਂ ਖਤਮ ਕੀਤੇ ਜਾਣ ਦੇ ਫੈਸਲੇ ਦਾ ਸਿੱਖ ਜਥੇਬੰਦੀਆਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *