ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 8 ਸਤੰਬਰ ਯਾਨੀ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਕਈ ਵੱਡੇ ਅਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਇਸ ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਕਰਨਗੇ। ਸੂਤਰਾਂ ਅਨੁਸਾਰ ਇਹ ਮੀਟਿੰਗ ਸੂਬੇ ਵਿੱਚ ਮੌਜੂਦਾ ਸਥਿਤੀ ਅਤੇ ਹੜ੍ਹ ਸੰਕਟ ਨੂੰ ਧਿਆਨ ਵਿੱਚ ਰੱਖਦੇ ਹੋਏ ਮਹੱਤਵਪੂਰਨ ਹੋਵੇਗੀ।
ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਵੇਲੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਹਨ ਤੇ ਉਹ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੀ ਇਸ ਮੀਟਿੰਗ ਵਿਚ ਜੁੜਣਗੇ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਮੱਦੇਨਜ਼ਰ ਕੁਝ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਹ ਵੀ ਚਰਚਾ ਹੈ ਕਿ ਸਰਕਾਰ ਵੱਲੋਂ ਮਾਈਨਿੰਗ ਨੀਤੀ ਵਿਚ ਬਦਲਾਅ ਕਰ ਕੇ ਖੇਤਾਂ ਵਿਚ ਭਰੀ ਰੇਤ ਵੇਚਣ ਦਾ ਹੱਕ ਕਿਸਾਨਾਂ ਨੂੰ ਦਿੱਤਾ ਜਾ ਸਕਦਾ ਹੈ।
ਹੜ੍ਹ ਨਾਲ ਲੱਖਾਂ ਲੋਕ ਪ੍ਰਭਾਵਿਤ
ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 1996 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਇਸਦੇ ਨਾਲ 3,87,013 ਲੋਕ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚੋਂ 46 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਠਾਨਕੋਟ ਦੇ ਤਿੰਨ ਲੋਕ ਹਜੇ ਵੀ ਗਾਇਬ ਹਨ। ਹਾਲਾਂਕਿ ਪਹਿਲਾਂ ਪੰਜਾਬ ਸਰਕਾਰ ਨੇ ਕੈਬਨਿਟ ਬੁਲਾਈ ਸੀ, ਪਰ ਅਚਾਨਕ ਸੀ.ਐੱਮ. ਭਗਵੰਤ ਮਾਨ ਦੀ ਤਬੀਅਤ ਖਰਾਬ ਹੋ ਗਈ। ਇਸਦੇ ਬਾਅਦ ਸੀ.ਐੱਮ. ਦਾ ਦੌਰਾ ਰੱਦ ਕਰ ਦਿੱਤਾ ਗਿਆ ਅਤੇ ਮੀਟਿੰਗ ਵੀ ਮੁਆਵਜ਼ੇ ਲਈ ਅਸਥਗਿਤ ਕੀਤੀ ਗਈ। ਉਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਆ ਰਿਹਾ ਹੈ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਿਛਲੇ ਸ਼ੁੱਕਰਵਾਰ ਨੂੰ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੀਐਮ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ। ਇਸ ਮੀਟਿੰਗ ਵਿੱਚ ਸੂਬੇ ਵਿੱਚ ਹੜ੍ਹ ਦੀ ਸਥਿਤੀ ਕਾਰਨ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਬਾਰੇ ਚਰਚਾ ਕੀਤੀ ਜਾਣੀ ਸੀ।
