ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਵੀਰਵਾਰ ਭੁਵਨੇਸ਼ਵਰ ਵਿਚ ਓਡਿਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 9ਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਪੰਜਾਬ ਵਿਚ ਹੋਣ ਵਾਲੇ ਵਿਸ਼ਾਲ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਭਾਰਤ ਦੇ ਇਤਿਹਾਸ ਦਾ ਇਕ ਮਹੱਤਵਪੂਰਨ ਅਧਿਆਏ ਹੈ, ਜੋ ਬੁਨਿਆਦੀ ਮਨੁੱਖੀ ਕਦਰਾਂ-ਕੀਮਤਾਂ ਦੀ ਰੱਖਿਆ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਤੀ ਗਈ ਇਹ ਵਿਲੱਖਣ ਕੁਰਬਾਨੀ ਇਕ ਰਾਸ਼ਟਰੀ ਵਿਰਾਸਤ ਹੈ।
ਇਸੇ ਤਰ੍ਹਾਂ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਅਤੇ ਸੰਜੀਵ ਅਰੋੜਾ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ। ਪੰਜਾਬ ਦੇ ਕੈਬਨਿਟ ਮੰਤਰੀਆਂ ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ ਨੇ ਵੀ ਅੱਜ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੁਰੂ ਜੀ ਦੇ ਸ਼ਹੀਦੀ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਮਹੱਤਤਾ ਸਰਹੱਦਾਂ ਤੋਂ ਪਾਰ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਮਨੁੱਖਤਾ, ਆਜ਼ਾਦੀ ਅਤੇ ਨਿਆਂ ਦੀ ਰੱਖਿਆ ਦੀ ਪ੍ਰਤੀਕ ਹੈ। ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੂੰ ਸਨਮਾਨਤ ਵੀ ਕੀਤਾ। ਇਸੇ ਤਰ੍ਹਾਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਦੋਵਾਂ ਮੁੱਖ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਹ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
