ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫੇਰ ਆਉਣਗੇ ਪੰਜਾਬ ਦੌਰੇ ਤੇ….

ਗੁਰਪ੍ਰੀਤ ਸਿੰਘ :- ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ ਤਹਿਤ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਇੱਕ ਵਾਰ ਫਿਰ 10 ਦਿਨਾਂ ਦੇ ਪੰਜਾਬ ਦੌਰੇ ‘ਤੇ ਆ ਰਹੇ ਹਨ। ਜਾਣਕਾਰੀ ਅਨੁਸਾਰ ਭੁਪੇਸ਼ ਬਘੇਲ 30 ਜੁਲਾਈ ਨੂੰ ਚੰਡੀਗੜ੍ਹ ਪਹੁੰਚਣਗੇ ਅਤੇ 31 ਜੁਲਾਈ ਤੋਂ 8 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਉਨ੍ਹਾਂ ਦੇ ਦੌਰੇ ਦੀ ਸ਼ੁਰੂਆਤ 31 ਜੁਲਾਈ ਨੂੰ ਫਤਿਹਗੜ੍ਹ ਸਾਹਿਬ ਤੋਂ ਹੋਵੇਗੀ।

ਇਸ ਦੌਰਾਨ ਭੁਪੇਸ਼ ਬਘੇਲ ਪਾਰਟੀ ਦੇ ਸੀਨੀਅਰ ਆਗੂਆਂ, ਜ਼ਿਲ੍ਹਾ ਪੱਧਰੀ ਲੀਡਰਾਂ ਅਤੇ ਵਰਕਰਾਂ ਨਾਲ ਸਿੱਧੀ ਗੱਲਬਾਤ ਕਰਨਗੇ। ਦੌਰੇ ਦੌਰਾਨ ਉਹ ਪਾਰਟੀ ਦੇ ਸੰਗਠਨਾਤਮਕ ਢਾਂਚੇ ਦੀ ਸਮੀਖਿਆ ਕਰਨ ਦੇ ਨਾਲ-ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ‘ਤੇ ਵੀ ਵਿਚਾਰ-ਵਟਾਂਦਰਾ ਕਰਨਗੇ। ਸੂਤਰਾਂ ਮੁਤਾਬਕ ਇਸ ਦੌਰੇ ਦਾ ਮੁੱਖ ਉਦੇਸ਼ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ਨੂੰ ਘਟਾਉਣਾ, ਆਗੂਆਂ ਵਿਚਾਲੇ ਤਾਲਮੇਲ ਵਧਾਉਣਾ ਅਤੇ ਜ਼ਮੀਨੀ ਪੱਧਰ ‘ਤੇ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਹੈ।

ਭੁਪੇਸ਼ ਬਘੇਲ ਆਪਣੇ ਦੌਰੇ ਦੌਰਾਨ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਅਤੇ ਵਰਕਰਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੇ ਸੁਝਾਅ ਅਤੇ ਸਮੱਸਿਆਵਾਂ ਵੀ ਸੁਣਨਗੇ। ਪਾਰਟੀ ਲੀਡਰਸ਼ਿਪ ਦਾ ਮੰਨਣਾ ਹੈ ਕਿ ਇਸ ਦੌਰੇ ਨਾਲ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ 2027 ਦੀਆਂ ਚੋਣਾਂ ਲਈ ਪਾਰਟੀ ਨੂੰ ਇੱਕਜੁੱਟ ਕਰਨ ਵਿੱਚ ਮਦਦ ਮਿਲੇਗੀ।

By Gurpreet Singh

Leave a Reply

Your email address will not be published. Required fields are marked *