ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ‘ਚ ਪੰਜਾਬ ਸਰਕਾਰ

ਕਪੂਰਥਲਾ-ਹੁਣ ਬੀ. ਐੱਨ. ਐੱਸ. ਐੱਸ. ਦੀ ਧਾਰਾ 107 ਦੇ ਤਹਿਤ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਦਾ ਸੁਫ਼ਨਾ ਵਿਖਾ ਕੇ ਲੱਖਾਂ ਕਰੋੜਾਂ ਰੁਪਏ ਠੱਗਣ ਵਾਲੇ ਫਰਜ਼ੀ ਟਰੈਵਲ ਏਜੰਟਾਂ ਵੱਲੋਂ ਕਾਲੀ ਕਮਾਈ ਦੀ ਮਦਦ ਨਾਲ ਬਣਾਈ ਪ੍ਰਾਪਰਟੀ ਨੂੰ ਜਿੱਥੇ ਪੁਲਸ ਅਦਾਲਤਾਂ ਦੀ ਮਾਰਫਤ ਜ਼ਬਤ ਕਰਨ ਦੀ ਕਾਰਵਾਈ ਕਰ ਸਕੇਗੀ, ਉੱਥੇ ਹੀ ਵਿਦੇਸ਼ਾਂ ਖ਼ਾਸ ਕਰਕੇ ਦੱਖਣੀ ਅਮਰੀਕੀ ਦੇਸ਼ਾਂ ’ਚ ਬੈਠ ਕੇ ਕਬੂਤਰਬਾਜ਼ੀ ਦਾ ਵੱਡਾ ਨੈੱਟਵਰਕ ਚਲਾਉਣ ਵਾਲੇ ਜ਼ਿਲ੍ਹੇ ਨਾਲ ਸਬੰਧਤ ਕਈ ਫਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਵੱਡੀ ਗਿਣਤੀ ’ਚ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਬਣਾਈ ਗਈ ਪ੍ਰਾਪਰਟੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਗੱਲਾਂ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਹੀਆਂ। ਐੱਸ. ਐੱਸ. ਪੀ. ਕਪੂਰਥਲਾ ਫਰਜ਼ੀ ਟਰੈਵਲ ਏਜੰਟਾਂ ਵਿਰੁੱਧ ਪੰਜਾਬ ਪੁਲਸ ਦੁਆਰਾ ਚਲਾਈ ਜਾ ਰਹੀ ਸਖ਼ਤ ਮੁਹਿੰਮ ਬਾਰੇ ਵਿਸ਼ੇਸ਼ ਜਾਣਕਾਰੀ ਦੇ ਰਹੇ ਸਨ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਐੱਨ. ਡੀ. ਪੀ. ਐੱਸ. ਮਾਮਲਿਆਂ ’ਚ ਸ਼ਾਮਲ ਮੁਲਜ਼ਮਾਂ ਦੀਆਂ ਕਰੋੜਾਂ ਰੁਪਏ ਦੀ ਪ੍ਰਾਪਰਟੀ ਨੂੰ ਕਪੂਰਥਲਾ ਪੁਲਸ ਵੱਲੋਂ ਸਰਕਾਰੀ ਤੌਰ ’ਤੇ ਅਟੈਚ ਕੀਤਾ ਹੈ, ਉਸੇ ਤਰ੍ਹਾਂ ਹੁਣ ਮਾਸੂਮ ਲੋਕਾਂ ਤੋਂ ਹੜੱਪੀ ਗਈ ਰਕਮ ਦੇ ਸਹਾਰੇ ਐਸ਼ੋ-ਆਰਾਮ ਕਰਨ ਵਾਲੇ ਫਰਜ਼ੀ ਟਰੈਵਲ ਏਜੰਟਾਂ ਦੀਆਂ ਜਾਇਦਾਦਾਂ ’ਤੇ ਵਿਸ਼ੇਸ਼ ਨਜ਼ਰ ਰੱਖਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਇਸ ਤਹਿਤ ਉਨ੍ਹਾਂ ਕਬੂਤਰਬਾਜ਼ਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜੋ ਦੱਖਣੀ ਅਮਰੀਕੀ ਦੇਸ਼ਾਂ ਮੈਕਸੀਕੋ, ਹਾਂਡੂਰਸ, ਅਲ ਸਲਵਾਡੋਰ ਅਤੇ ਗੁਆਟੇਮਾਲਾ ’ਚ ਬੈਠ ਕੇ ਨੌਜਵਾਨਾਂ ਨੂੰ ਖ਼ਤਰਨਾਕ ਜੰਗਲੀ ਰਸਤਿਆਂ ਰਾਹੀਂ ਅਮਰੀਕਾ ਭੇਜਣ ਦੀ ਖ਼ਤਰਨਾਕ ਖੇਡ ਨੂੰ ਅੰਜਾਮ ਦੇ ਰਹੇ ਹਨ।

ਦੇਸ਼ ਦੇ ਸਾਰੇ ਹਵਾਈ ਅੱਡਿਆਂ ’ਤੇ ਫਰਜ਼ੀ ਟਰੈਵਲ ਏਜੰਟਾਂ ਵਿਰੁੱਧ ਐੱਲ. ਓ. ਸੀ. ਜਾਰੀ
ਐੱਸ. ਐੱਸ. ਪੀ. ਨੇ ਕਿਹਾ ਕਿ ਦੇਸ਼ ਦੇ ਸਾਰੇ ਹਵਾਈ ਅੱਡਿਆਂ ’ਤੇ ਫਰਜ਼ੀ ਟਰੈਵਲ ਏਜੰਟਾਂ ਵਿਰੁੱਧ ਐੱਲ. ਓ. ਸੀ. ਜਾਰੀ ਕਰ ਦਿੱਤੀ ਗਈ ਹੈ ਅਤੇ ਸਬੰਧਤ ਥਾਣਿਆਂ ਦੀ ਪੁਲਸ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਉਨ੍ਹਾਂ ਨਾਲ ਜੁੜੇ ਵਿਅਕਤੀਆਂ ’ਤੇ ਵਿਸ਼ੇਸ਼ ਨਜ਼ਰ ਰੱਖਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਡੋਂਕੀ ਮਾਰਗ ਰਾਹੀਂ ਚੱਲ ਰਹੇ ਅੰਤਰਰਾਸ਼ਟਰੀ ਹਿਊਮਨ ਟ੍ਰੈਫਿਕਿੰਗ ਦੇ ਇਸ ਗੈਰ-ਕਾਨੂੰਨੀ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ।

ਗੌਰਵ ਤੂਰਾ ਨੇ ਕਿਹਾ ਕਿ ਬੀ. ਐੱਨ. ਐੱਸ. ਐੱਸ. ਦੀ ਧਾਰਾ 107 ਫਰਜ਼ੀ ਟ੍ਰੈਵਲ ਏਜੰਟਾਂ ਵਿਰੁੱਧ ਕਾਰਵਾਈ ਨੂੰ ਅੰਤਿਮ ਸਿੱਟੇ ਤੱਕ ਪਹੁੰਚਾਉਣ ’ਚ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਵੇਗੀ ਤੇ ਉਨ੍ਹਾਂ ਫਰਜ਼ੀ ਟ੍ਰੈਵਲ ਏਜੰਟਾਂ ਲਈ ਇੱਕ ਵੱਡਾ ਝਟਕਾ ਹੋਵੇਗੀ, ਜੋ ਆਮ ਲੋਕਾਂ ਨੂੰ ਵਿਦੇਸ਼ ਭੇਜਣ ਦੇ ਸੁਪਨੇ ਦਿਖਾ ਕੇ ਰਾਤੋ-ਰਾਤ ਅਮੀਰ ਬਣਨ ਦੀ ਯੋਜਨਾ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਨਾਲ ਆਉਣ ਵਾਲੇ ਦਿਨਾਂ ਵਿਚ ਕਪੂਰਥਲਾ ਪੁਲਸ ਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨਾਂ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁੱਲਥ ਵਿਚ ਇਕ ਵੱਡੇ ਪੱਧਰ ’ਤੇ ਐਕਸ਼ਨ ਪਲਾਨ ਲਾਗੂ ਕਰਕੇ ਅਜਿਹੇ ਫਰਜ਼ੀ ਟਰੈਵਲ ਏਜੰਟਾਂ ਦੀ ਜਾਇਦਾਦ ਦੀ ਜਾਂਚ ਕਰਕੇ ਉਸ ਨੂੰ ਸਰਕਾਰੀ ਤੌਰ ’ਤੇ ਅਟੈਚ ਕਰਨ ਦੀ ਪ੍ਰਕਿਰਿਆ ਨੂੰ ਅਮਲੀ ਜਾਮਾ ਪਹਿਨਾਏਗੀ, ਜਿਸ ਲਈ ਜਨਤਾ ਦਾ ਸਹਿਯੋਗ ਵੀ ਲਿਆ ਜਾਵੇਗਾ।

By Gurpreet Singh

Leave a Reply

Your email address will not be published. Required fields are marked *