‘ਪੰਜਾਬ ਦਾ ਕਰੋੜਪਤੀ’ ਲਈ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਜਾਰੀ, 28 ਨਵੰਬਰ ਤੱਕ ਹੋ ਸਕੇਗੀ ਰਜਿਸਟ੍ਰੇਸ਼ਨ

ਗੂਰਪ੍ਰੀਤ ਸਿੰਘ :- ਪੰਜਾਬ ਸਰਕਾਰ ਦੇ ‘ਪੰਜਾਬ ਦਾ ਕਰੋੜਪਤੀ’ (Punjab Da Crorepati) ਕੁਇਜ਼ ਪ੍ਰੋਗਰਾਮ ਨੂੰ ਲੈ ਕੇ ਡਾਇਰੈਕਟੋਰੇਟ ਸਕੂਲ ਸਿੱਖਿਆ (ਸੈਕੰਡਰੀ), ਪੰਜਾਬ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਸਕੂਲਾਂ ਵਿੱਚ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਅਤੇ ਯੋਗ ਵਿਦਿਆਰਥੀਆਂ ਤੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਾਇਰੈਕਟੋਰੇਟ ਵੱਲੋਂ 13 ਨਵੰਬਰ 2026 ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਵਿੱਚ ਆਮ ਗਿਆਨ, ਵਿਗਿਆਨ, ਕਲਾ, ਸਾਹਿਤ, ਸੱਭਿਆਚਾਰ, ਖੇਡਾਂ ਅਤੇ ਹੋਰ ਵਿਸ਼ਿਆਂ ਸਬੰਧੀ ਜਾਣਕਾਰੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੁਕਾਬਲੇ ਵਿੱਚ 10 ਹਜ਼ਾਰ ਰੁਪਏ ਤੋਂ ਲੈ ਕੇ ਕਰੋੜਾਂ ਰੁਪਏ ਤੱਕ ਦੇ ਇਨਾਮ ਦਿੱਤੇ ਜਾਣਗੇ।

ਡਾਇਰੈਕਟੋਰੇਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ 1 ਜਨਵਰੀ 2027 ਨੂੰ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਦੇ ਯੋਗ ਹੋਣਗੇ। ਇਸ ਲਈ ਭਾਗੀਦਾਰ ਦਾ ਪੰਜਾਬ ਦਾ ਵਸਨੀਕ ਹੋਣਾ ਅਤੇ ਉਸ ਦੀ ਮਾਤ ਭਾਸ਼ਾ ਪੰਜਾਬੀ ਹੋਣੀ ਲਾਜ਼ਮੀ ਹੈ। ਪ੍ਰੋਗਰਾਮ ਲਈ ਰਜਿਸਟ੍ਰੇਸ਼ਨ 14 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 28 ਨਵੰਬਰ 2026 ਤੱਕ ਕਰਵਾਈ ਜਾ ਸਕਦੀ ਹੈ। ਚਾਹਵਾਨ ਨੌਜਵਾਨ ਸਰਕਾਰ ਦੇ ਅਧਿਕਾਰਤ ਪੋਰਟਲ punjabdacrorepati.punjab.gov.in ‘ਤੇ ਜਾ ਕੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਡਾਇਰੈਕਟੋਰੇਟ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧੀਨ ਆਉਂਦੇ ਸਕੂਲਾਂ ਵਿੱਚ ਇਸ ਪ੍ਰੋਗਰਾਮ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਅਤੇ ਵੱਧ ਤੋਂ ਵੱਧ ਯੋਗ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ। ਇਸ ਦੇ ਨਾਲ ਹੀ ਸਕੂਲਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਉਣ, ਨੋਟਿਸ ਬੋਰਡਾਂ ‘ਤੇ ਜਾਣਕਾਰੀ ਲਗਾਉਣ ਅਤੇ ਹੋਰ ਪ੍ਰਚਾਰ ਸਾਧਨਾਂ ਦੀ ਵਰਤੋਂ ਕਰਨ ਲਈ ਵੀ ਕਿਹਾ ਗਿਆ ਹੈ।

ਪੱਤਰ ਵਿੱਚ 17 ਨਵੰਬਰ ਨੂੰ ਸਵੇਰੇ 10 ਵਜੇ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਦੌਰਾਨ ਪ੍ਰੋਗਰਾਮ ਦੇ ਉਦੇਸ਼ਾਂ, ਰਜਿਸਟ੍ਰੇਸ਼ਨ ਪ੍ਰਕਿਰਿਆ, ਨਿਯਮਾਂ ਅਤੇ ਸ਼ਰਤਾਂ ਬਾਰੇ ਜਾਣਕਾਰੀ ਦਿੱਤੀ ਜਾਣੀ ਹੈ।

ਡਾਇਰੈਕਟੋਰੇਟ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਨਿਗਰਾਨੀ ਕਰਨ ਅਤੇ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਹੈ। ਵਿਭਾਗ ਦਾ ਉਦੇਸ਼ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਜਾਂ ਨੌਜਵਾਨ ਇਸ ਮੌਕੇ ਤੋਂ ਵਾਂਝਾ ਨਾ ਰਹੇ।

By Gurpreet Singh

Leave a Reply

Your email address will not be published. Required fields are marked *