ਜਲੰਧਰ –ਪੰਜਾਬ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ। ਹੁਣ ਅਧਿਕਾਰੀ ਅਤੇ ਕਰਮਚਾਰੀਆਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦੇ ਵਿਚਕਾਰ ਕੀਤੇ ਜਾਣਗੇ। ਇਸ ਤੋਂ ਬਾਅਦ ਆਮ ਤਬਾਦਲਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਹ ਹੁਕਮ ਪ੍ਰਸੋਨਲ ਵਿਭਾਗ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਜ਼ਿਲ੍ਹਿਆਂ ਦੇ ਡੀਸੀਜ਼ ਸਮੇਤ ਸਾਰੇ ਮੁਖੀਆਂ ਨੂੰ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਤਬਾਦਲੇ ਵਿਭਾਗ ਵੱਲੋਂ ਜਾਰੀ ਨੀਤੀ ਅਨੁਸਾਰ ਹੀ ਕੀਤੇ ਜਾਣਗੇ।
ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਲਈ ਸਰਕਾਰ ਵੱਲੋਂ ਤੈਅ ਸਮਾਂ-ਹੱਦ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਸੂਬੇ ਭਰ ਵਿਚ ਜਾਰੀ ਹਦਾਇਤਾਂ ਮੁਤਾਬਕ ਸਰਕਾਰੀ ਵਿਭਾਗਾਂ ਵਿਚ ਤਾਇਨਾਤੀਆਂ ਅਤੇ ਤਬਾਦਲੇ 15 ਜੁਲਾਈ 2025 ਤੋਂ ਲੈ ਕੇ 15 ਅਗਸਤ 2025 ਤਕ ਤਾਇਨਾਤੀਆਂ ਅਤੇ ਤਬਾਦਲੇ ਕੀਤੇ ਜਾ ਸਕਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਉਪਰੰਤ ਆਮ ਤਬਾਦਲਿਆਂ ’ਤੇ ਪੂਰੀ ਤਰ੍ਹਾਂ ਨਾਲ ਰੋਕ ਹੋਵੇਗੀ। ਉਨ੍ਹਾਂ ਕਿਹਾ ਕਿ ਹਰ ਸਮੇਂ ਮਿਆਦ ਉਪਰੰਤ ਕੋਈ ਵੀ ਤਬਾਦਲਾ ਅਤੇ ਨਿਯੁਕਤੀ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫ਼ਰ ਪਾਲਿਸੀ ਮਿਤੀ 23 ਅਪ੍ਰੈਲ 2018 ਵਿਚ ਬਣਾਈ ਗਈ ਪਾਲਿਸੀ ਅਨੁਸਾਰ ਹੀ ਹੋਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਸਰਕਾਰ ਆਪਣੀ ਸਹੂਲਤ ਮੁਤਾਬਕ ਕਿਸੇ ਵੀ ਸਮੇਂ ਆਈ. ਪੀ. ਐੱਸ. ਅਤੇ ਆਈ. ਏ. ਐੱਸ. ਦਾ ਤਬਾਦਲਾ ਕਰ ਸਕਦੀ ਹੈ। ਸਰਕਾਰ ਵੱਲੋਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਤਬਾਦਲੇ ਦੇ ਪਿੱਛੇ ਕੋਸ਼ਿਸ਼ ਇਹ ਹੈ ਕਿ ਵਿਭਾਗਾਂ ਦਾ ਕੰਮ ਪ੍ਰਭਾਵਿਤ ਨਾ ਹੋਵੇ ਅਤੇ ਸਰਕਾਰ ਦਾ ਕੰਮ ਵੀ ਵਧੀਆ ਢੰਗ ਨਾਲ ਚੱਲ ਸਕੇ।