ਸਖ਼ਤ ਕਾਰਵਾਈ ਦੀ ਤਿਆਰੀ ‘ਚ ਪੰਜਾਬ ਸਰਕਾਰ, ਅਫ਼ਸਰਾਂ ਨੂੰ ਜਾਰੀ ਕੀਤੇ ਨੋਟਿਸ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ‘ਤੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਗੁਣਵੱਤਾ ਕੰਟਰੋਲ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ਵਿਚ ਅਸਫਲ ਰਹਿਣ ਵਾਲੇ ਸੱਤ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓ.) ਨੂੰ ਕਾਰਨ ਦੱਸੋ ਨੋਟਿਸ (ਐੱਸ.ਸੀ.ਐਨਜ਼) ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਇਹ ਕਾਰਵਾਈ ਖੇਤੀਬਾੜੀ ਮੰਤਰੀ ਵੱਲੋਂ ਜਵਾਬਦੇਹੀ ਅਤੇ ਸੁਧਾਰ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ ਕੰਟਰੋਲ ਮੁਹਿੰਮ ਵਿਚ ਪਿੱਛੇ ਰਹਿਣ ਵਾਲੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਹੁਕਮ ਦੇਣ ਤੋਂ ਇਕ ਦਿਨ ਬਾਅਦ ਕੀਤੀ ਗਈ ਹੈ। 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਪੂਰਥਲਾ, ਬਰਨਾਲਾ, ਲੁਧਿਆਣਾ, ਫਤਹਿਗੜ੍ਹ ਸਾਹਿਬ, ਤਰਨਤਾਰਨ, ਸੰਗਰੂਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਖ਼ਿਲਾਫ਼ ਕਾਰਵਾਈ ਕੀਤੀ ਹੈ ਅਤੇ ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਹਨ, ਨਹੀਂ ਤਾਂ ਨਿਯਮਾਂ ਅਨੁਸਾਰ ਹੋਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਡਿਊਟੀ ਵਿਚ ਕੁਤਾਹੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਸਜ਼ਾ ਮਿਲੇਗੀ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਕਿਸਾਨਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੀ ਨਿਯਮਤ ਨਿਗਰਾਨੀ ਅਤੇ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਕਾਇਮ ਕੀਤੀਆਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਬੀਜ, ਖਾਦ ਅਤੇ ਕੀਟਨਾਸ਼ਕਾਂ ਦੀ ਖਰੀਦ ‘ਤੇ ਪੱਕਾ ਬਿੱਲ ਲੈਣ ਦੀ ਵੀ ਅਪੀਲ ਕੀਤੀ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰ ਕਰਦਾ ਹੈ ਜਾਂ ਗੈਰ-ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੀ ਸਪਲਾਈ ਕਰਦਾ ਹੈ ਤਾਂ ਕਿਸਾਨਾਂ ਨੂੰ ਤੁਰੰਤ ਆਪਣੇ ਜ਼ਿਲ੍ਹੇ ਦੇ ਖੇਤੀਬਾੜੀ ਦਫਤਰਾਂ ਵਿਚ ਰਿਪੋਰਟ ਕਰਨੀ ਚਾਹੀਦੀ ਹੈ ਤਾਂ ਜੋ ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ।

By Gurpreet Singh

Leave a Reply

Your email address will not be published. Required fields are marked *