ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ 2694 ਕੁੜੀਆਂ ਨੂੰ 13.74 ਕਰੋੜ ਦੀ ਮਦਦ

ਗੁਰਪ੍ਰੀਤ ਸਿੰਘ :- ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮਾਜ ਦੇ ਪਛੜੇ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਕੁੜੀਆਂ ਦੇ ਵਿਆਹ ਸਮੇਂ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 2694 ਲਾਭਪਾਤਰੀਆਂ ਨੂੰ 13.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਸਹਾਇਤਾ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਉਨ੍ਹਾਂ ਦੀਆਂ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ, ਇਹ ਵਿੱਤੀ ਸਹਾਇਤਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮਾਨਸਾ, ਮੋਗਾ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਪ੍ਰਦਾਨ ਕੀਤੀ ਗਈ ਹੈ।

ਕੁੜੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ

ਉਨ੍ਹਾਂ ਕਿਹਾ ਕਿ ਇਸ ਰਕਮ ਨਾਲ ਬਰਨਾਲਾ ਤੋਂ 70, ਬਠਿੰਡਾ ਤੋਂ 253, ਫਰੀਦਕੋਟ ਤੋਂ 13, ਫਿਰੋਜ਼ਪੁਰ ਤੋਂ 38, ਫਤਿਹਗੜ੍ਹ ਸਾਹਿਬ ਤੋਂ 72, ਗੁਰਦਾਸਪੁਰ ਤੋਂ 211, ਹੁਸ਼ਿਆਰਪੁਰ ਤੋਂ 267, ਲੁਧਿਆਣਾ ਤੋਂ 134 ਅਤੇ ਮਾਨਸਾ ਤੋਂ 275 ਲਾਭਪਾਤਰੀਆਂ ਨੂੰ ਲਾਭ ਪਹੁੰਚਿਆ ਹੈ। ਇਸੇ ਤਰ੍ਹਾਂ ਮੋਗਾ ਤੋਂ 43, ਪਟਿਆਲਾ ਤੋਂ 129, ਪਠਾਨਕੋਟ ਤੋਂ 212, ਰੂਪਨਗਰ ਤੋਂ 336, ਐਸਏਐਸ ਨਗਰ ਤੋਂ 163, ਐਸਬੀਐਸ ਨਗਰ ਤੋਂ 29, ਸੰਗਰੂਰ ਤੋਂ 79, ਮਲੇਰਕੋਟਲਾ ਤੋਂ 171 ਅਤੇ ਤਰਨਤਾਰਨ ਤੋਂ 199 ਲਾਭਪਾਤਰੀਆਂ ਨੂੰ ਲਾਭ ਪਹੁੰਚਿਆ ਹੈ। ਮੰਤਰੀ ਨੇ ਕਿਹਾ ਕਿ ਅਸ਼ੀਰਵਾਦ ਯੋਜਨਾ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਕੁੜੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਵੱਡੀ ਵਿੱਤੀ ਮਦਦ ਮਿਲਦੀ ਹੈ।

ਕਿੰਨਾ ਨੂੰ ਮਿਲੇਗਾ ਸਕੀਮ ਦਾ ਲਾਭ

ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ, ਬਿਨੈਕਾਰਾਂ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਚਾਹੀਦਾ ਹੈ, ਉਨ੍ਹਾਂ ਦੇ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਹੋਣੇ ਚਾਹੀਦੇ ਹਨ, ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਸਾਲਾਨਾ ਪਰਿਵਾਰਕ ਆਮਦਨ ₹32,790 ਤੋਂ ਘੱਟ ਹੈ, ਤਾਂ ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਸਹਾਇਤਾ ਸਿੱਧੇ ਤੌਰ ‘ਤੇ ਡੀਬੀਟੀ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾਂਦੀ ਹੈ।

By Gurpreet Singh

Leave a Reply

Your email address will not be published. Required fields are marked *