ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਸੋਮਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਵੱਡੇ ਪੱਧਰ ’ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ।
ਇੱਥੇ ਆਪਣੀ ਰਿਹਾਇਸ਼ ’ਤੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਤੇ ਫ਼ਲਸਫ਼ੇ ’ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ’ਚ ਚੇਅਰ ਸਥਾਪਤ ਕਰੇਗੀ। ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨਦਾ ਕਿਤਾਬਚਾ ਜਾਰੀ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ ’ਤੇ ਵੀ ਬੁੱਕਲੈੱਟ (ਕਿਤਾਬਚਾ) ਜਾਰੀ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ਦੇ ਨਾਲ-ਨਾਲ ਰਾਜ ਭਰ ’ਚ ਵਿਸ਼ਵ ਸ਼ਾਂਤੀ ਸੰਮੇਲਨ ਤੇ ਵਿਸ਼ਵ ਅੰਤਰ-ਧਰਮ ਸੰਮੇਲਨ ਕਰਵਾਉਣ ਦੀ ਵੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਤੇ ਵਿਲੱਖਣ ਕੁਰਬਾਨੀ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ, ਨੂੰ ਸਿਜਦਾ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਸੈਮੀਨਾਰ ਵੀ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਖੇਡ, ਉਚੇਰੀ ਸਿੱਖਿਆ, ਸੈਰ-ਸਪਾਟਾ ਤੇ ਸੱਭਿਆਚਾਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਜ਼ਰੀਏ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਦੀ ਯਾਦ ’ਚ ਸੈਮੀਨਾਰ, ਕਾਨਫਰੰਸਾਂ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਕਿਤਾਬਾਂ ਪ੍ਰਕਾਸ਼ਿਤ ਕਰਨ ਤੇ ਹੋਰ ਬਹੁਤ ਸਾਰੇ ਪ੍ਰੋਗਰਾਮ ਉਤਸ਼ਾਹ ਨਾਲ ਕਰਵਾਏ ਜਾਣਗੇ। ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਜੋ ਵਿਸ਼ਵ ਭਰ ’ਚ ਮਨੁੱਖੀ ਅਧਿਕਾਰਾਂ ਦੇ ਪਹਿਲੇ ਸਮਰਥਕ ਸਨ, ਦੀ ਸ਼ਾਨਾਮੱਤੀ ਵਿਰਾਸਤ ਨੂੰ ਸਦੀਵੀ ਰੱਖਣ ਲਈ ਜੰਮੂ ਤੋਂ ਦਿੱਲੀ ਵਾਇਆ ਬਾਬਾ ਬਕਾਲਾ ਤੇ ਸ੍ਰੀ ਅਨੰਦਪੁਰ ਸਾਹਿਬ ਤੱਕ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਰੂਪਨਗਰ, ਮਾਨਸਾ, ਬਠਿੰਡਾ, ਪਟਿਆਲਾ, ਜਲੰਧਰ, ਸੰਗਰੂਰ, ਐਸਬੀਐੱਸ ਨਗਰ, ਤਰਨਤਾਰਨ, ਸ੍ਰੀ ਫਤਿਹਗੜ੍ਹ ਸਾਹਿਬ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਐੱਸਏਐਸ ਨਗਰ ਸਮੇਤ ਜ਼ਿਲ੍ਹਿਆਂ ’ਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 63 ਥਾਵਾਂ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ।
ਮਾਨ ਨੇ ਕਿਹਾ ਕਿ ਸੂਬਾ ਸਰਕਾਰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫਲਸਫੇ ’ਤੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਵੀ ਕਰੇਗੀ। ਉਨ੍ਹਾਂ ਕਿਹਾ ਕਿ ਗੁਰੂ ਜੀ, ਜਿਨ੍ਹਾਂ ਨੂੰ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਧਰਮ ਦੇ ਰਖਵਾਲੇ ਤੇ ਧਾਰਮਿਕ ਆਜ਼ਾਦੀ ਦੇ ਯੋਧੇ ਸਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਨੂੰ ਮੁਗਲਾਂ ਦੇ ਜ਼ੁਲਮ ਤੋਂ ਬਚਾਉਣ ਲਈ ਧਰਮ ਦੀ ਰੱਖਿਆ ਵਾਸਤੇ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਅਨਿਆਂ, ਜ਼ੁਲਮ ਤੇ ਅੱਤਿਆਚਾਰ ਵਿਰੁੱਧ ਲੜਦਿਆਂ ਗੁਰੂ ਸਾਹਿਬ ਵੱਲੋਂ ਦਿੱਤੀ ਮਹਾਨ ਕੁਰਬਾਨੀ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੀ ਹੈ।
