ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਅਪੀਲ, ਪੜ੍ਹੋ ਮੰਤਰੀਆਂ ਨੇ ਕੀ ਕਿਹਾ (ਵੀਡੀਓ)

ਚੰਡੀਗੜ੍ਹ : ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਫ਼ਸਲਾਂ ਦੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 4 ਮੰਤਰੀਆਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦੀ ਪਹਿਲੀ ਬੈਠਕ ਅੱਜ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਮਗਰੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ‘ਚ ਜਿਹੜੀਆਂ ਫ਼ਸਲਾਂ ਬੀਜੀਆਂ ਜਾਂਦੀਆਂ ਹਨ, ਉਹਦੇ ‘ਚੋਂ ਵੱਡਾ ਹਿੱਸਾ ਕੇਂਦਰ ਸਰਕਾਰ ਕੋਲ ਜਾਂਦਾ ਹੈ। ਇਸ ਦੌਰਾਨ ਕਈ ਵਾਰ ਮੁਸ਼ਕਲਾਂ ਵੀ ਆਉਂਦੀਆਂ ਰਹੀਆਂ ਹਨ। ਇਸ ਲਈ ਪੰਜਾਬ ਸਰਕਾਰ ਵਲੋਂ ਅਹਿਮ ਉਪਰਾਲਾ ਕੀਤਾ ਗਿਆ ਹੈ ਕਿ ਆਉਣ ਵਾਲੀਆਂ ਫ਼ਸਲਾਂ ਦੀ ਸੰਭਾਲ, ਬਿਜਾਈ ਅਤੇ ਵਿਕਰੀ ਦੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾ ਸਕਣ।

ਇਸ ਨੂੰ ਲੈ ਕੇ ਹੀ ਇਹ ਕਮੇਟੀ ਬਣਾਈ ਗਈ ਹੈ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ‘ਚ ਮੁੱਖ ਤੌਰ ‘ਤੇ ਕਣਕ ਅਤੇ ਝੋਨੇ ਦੀ ਫ਼ਸਲ ਬੀਜੀ ਜਾਂਦੀ ਹੈ ਅਤੇ 31 ਜੁਲਾਈ ਤੱਕ ਝੋਨੇ ਦੀ ਮੀਲਿੰਗ ਦਾ ਟੀਚਾ ਪੂਰਾ ਕਰ ਲਿਆ ਜਾਵੇਗਾ ਅਤੇ ਸਾਡੀ ਕੋਸ਼ਿਸ਼ ਰਹੇਗੀ ਅਤੇ ਅਗਲੇ ਸਾਲ ਅਸੀਂ ਇਸ ਨੂੰ ਜੂਨ ‘ਚ ਪੂਰਾ ਕਰ ਲਈਏ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਯੂਨੀਵਰਸਿਟੀ ਵਲੋਂ ਪ੍ਰਮਾਣਿਤ ਬੀਜ ਹੀ ਬੀਜਣ ਅਤੇ ਮੰਡੀ ‘ਚ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ।

ਇਸ ਦੇ ਨਾਲ ਹੀ ਕਿਸਾਨਾਂ ਦੇ ਖ਼ਾਤਿਆਂ ‘ਚ 24 ਘੰਟਿਆਂ ਅੰਦਰ ਫ਼ਸਲ ਦਾ ਪੈਸਾ ਪਾਉਣ ਦਾ ਸਿਲਸਿਲਾ ਇੰਝ ਹੀ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਪੂਰੇ ਇੰਤਜ਼ਾਮ ਕੀਤੇ ਹੋਏ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ 46 ਲੱਖ ਮੀਟ੍ਰਿਕ ਟਨ ਲਈ ਪੰਜਾਬ ‘ਚ ਗੋਦਾਮ ਬਣਾਉਣ ਦਾ ਪ੍ਰਸਤਾਵ ਪੂਰਾ ਕਰਕੇ ਪੰਜਾਬ ਸਰਕਾਰ ਵਲੋਂ ਹਾਈ ਲੈਵਲ ਕਮੇਟੀ ਨੂੰ ਭੇਜਿਆ ਗਿਆ ਹੈ ਅਤੇ ਸਾਡੀ ਅਪੀਲ ਹੈ ਕਿ ਕਮੇਟੀ ਇਸ ‘ਤੇ ਜਲਦੀ ਪਹਿਲ ਕਦਮੀ ਕਰੇ ਤਾਂ ਜੋ ਆਉਣ ਵਾਲੇ ਸਮੇਂ ‘ਚ ਪੰਜਾਬ ਅੰਦਰ ਇਨ੍ਹਾਂ ਗੋਦਾਮਾਂ ਦਾ ਨਿਰਮਾਣ ਕਰਕੇ ਪੱਕੇ ਤੌਰ ‘ਤੇ ਜਗ੍ਹਾ ਦੀ ਸਮੱਸਿਆ ਦਾ ਹੱਲ ਕੀਤਾ ਜਾ ਸਕੇ। 


 

By Gurpreet Singh

Leave a Reply

Your email address will not be published. Required fields are marked *