ਨੈਸ਼ਨਲ ਟਾਈਮਜ਼ ਬਿਊਰੋ :- ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਗਿੱਦੜਬਾਹਾ ਦੇ ਐੱਸ. ਡੀ. ਐੱਮ. ਵੱਲੋਂ ਕਿਸਾਨਾਂ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਸਾੜਦੇ ਪਾਏ ਜਾਣਗੇ, ਨਾ ਸਿਰਫ਼ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇਗਾ, ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਵੀ ਰੋਕ ਦਿੱਤੀਆਂ ਜਾਣਗੀਆਂ। ਸੂਤਰਾਂ ਮੁਤਾਬਕ ਐੱਸ. ਡੀ. ਐੱਮ. ਨੇ ਸਪੱਸ਼ਟ ਕੀਤਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਪਰਿਵਾਰ ਵਿਚੋਂ ਕੋਈ ਵੀ ਵਿਅਕਤੀ ਸਰਕਾਰੀ ਯੋਜਨਾਵਾਂ ਦਾ ਲਾਭ ਨਹੀਂ ਲੈ ਸਕੇਗਾ। ਇਸ ਸਬੰਧੀ ਆਂਗਣਵਾੜੀ ਵਰਕਰਾਂ ਨੂੰ ਵੀ ਖਾਸ ਡਿਊਟੀ ਦਿੱਤੀ ਗਈ ਹੈ ਜੋ ਘਰ-ਘਰ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸਥਿਤੀ ਦੀ ਰਿਪੋਰਟ ਤਿਆਰ ਕਰਨਗੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਫਿਰ ਵੀ ਕੁਝ ਕਿਸਾਨ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ। ਹੁਣ ਅਜਿਹੇ ਮਾਮਲਿਆਂ ‘ਚ ਕਿਸੇ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਵੇਗੀ। ਇਥੇ ਖ਼ਾਸ ਗੱਲ ਇਹ ਹੈ ਕਿ ਗਿੱਦੜਬਾਹਾ ਦੇ ਸਬਡਿਵੀਜ਼ਨ ਵਿਚ ਆਉਂਦੇ ਸਾਰੇ ਆਂਗਣਵਾੜੀ ਵਰਕਰਾਂ ਨੂੰ ਇਸ ਮੁਹਿੰਮ ਵਿਚ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
