ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ

ਲੁਧਿਆਣਾ :  ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 4 ਲੁਧਿਆਣਾ ਵਿੱਚ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਦੋਸ਼ੀ ਨੂੰ ਨੂਰਵਾਲਾ ਰੋਡ ਲੁਧਿਆਣਾ ਦੇ ਇਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਡਵੀਜ਼ਨ ਨੰਬਰ 4 ਲੁਧਿਆਣਾ ਵਿਖੇ ਦਰਜ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਥਾਣਾ ਡਵੀਜ਼ਨ ਨੰਬਰ 4 ਲੁਧਿਆਣਾ ਵਿਖੇ ਮਿਲਣ ਗਈ ਤਾਂ ਉਸ ਦੇ ਪੁੱਤਰ ਨੇ ਦੱਸਿਆ ਕਿ ਪੁਲਿਸ ਨੇ ਉਸਨੂੰ ਬੇਰਹਿਮੀ ਨਾਲ ਕੁੱਟਿਆ ਹੈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਆਪਣੀ ਹਿਰਾਸਤ ਵਿਚ ਰੱਖ ਲਿਆ ਹੈ। ਇਸ ਸਬੰਧ ਵਿਚ, ਦੋਸ਼ੀ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਲਈ 35,000 ਰੁਪਏ ਦੀ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕੀਤੀ ਸੀ।

PunjabKesari

ਕੋਈ ਵੀ ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ, ਲੁਧਿਆਣਾ ਕੋਲ ਪਹੁੰਚ ਕੀਤੀ। ਸ਼ਿਕਾਇਤਕਰਤਾ ਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

By Balwinder Singh

Leave a Reply

Your email address will not be published. Required fields are marked *