ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋ ਗਿਆ। ਇਹ ਸੈਸ਼ਨ ਕਾਫੀ ਹੰਗਾਮੇਦਾਰ ਰਹਿਣ ਦੀ ਉਮੀਦ ਹੈ, ਕਿਉਂਕਿ ਵਿਰੋਧੀ ਧਿਰ ਦੇ ਵਿਧਾਇਕ ਇਸ ਦੌਰਾਨ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਆਪਣਾ ਚੌਥਾ ਬਜਟ ਪੇਸ਼ ਕਰੇਗੀ।
ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਉਨ੍ਹਾਂ ਦੀ ਪਾਰਟੀ ਵਿਧਾਨ ਸਭਾ ‘ਚ ਕਿਸਾਨਾਂ ਦੇ ਮੁੱਦੇ ਚੁੱਕੇਗੀ। ਸੈਸ਼ਨ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣਾ ਭਾਸ਼ਣ ਦੇਣਗੇ, ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਵਿਧਾਨ ਸਭਾ ਦੀ ਕਾਰਵਾਈ ਰੋਕੀ ਜਾਵੇਗੀ। ਇਸ ਤੋਂ ਬਾਅਦ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਵਿਧਾਨਕ ਕੰਮਕਾਜ ਹੋਵੇਗਾ।
ਸੋਮਵਾਰ 24 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਹੋਵੇਗੀ, ਜਿਸ ਦੇ ਅੰਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਸੰਬੋਧਨ ਕਰਨਗੇ। ਮੰਗਲਵਾਰ 25 ਮਾਰਚ ਨੂੰ ਵਿਧਾਨਕ ਕੰਮਕਾਜ ਦੇ ਨਾਲ 2023-24 ਦੀ ਗ੍ਰਾਂਟ ਪਾਸ ਕਰਵਾਈ ਜਾਵੇਗੀ। 26 ਮਾਰਚ ਨੂੰ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਬਜਟ ਪੇਸ਼ ਕੀਤਾ ਜਾਵੇਗਾ, ਜਿਸ ਨੂੰ 27 ਮਾਰਚ ਨੂੰ ਪਾਸ ਕੀਤਾ ਜਾਵੇਗਾ। 28 ਮਾਰਚ ਨੂੰ ਵਿਧਾਨਕ ਕੰਮਕਾਜ ਕਰਦੇ ਹੋਏ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਜਾਵੇਗਾ। ਇਸ ਬਜਟ ਸੈਸ਼ਨ ਦੌਰਾਨ ਵੱਡੇ ਹੰਗਾਮੇ ਹੋਣ ਦੀ ਉਮੀਦ ਹੈ, ਕਿਉਂਕਿ ਵਿਰੋਧੀ ਧਿਰ ਦੇ ਨੇਤਾ ਸਰਕਾਰ ਦੀ ਨੀਤੀਆਂ ‘ਤੇ ਸਵਾਲ ਉਠਾ ਰਹੇ ਹਨ।