ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਅੰਦਰ ਸਭ ਤੋਂ ਪਹਿਲਾਂ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਦਨ ਅੰਦਰ ਯਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਸ਼ਹੀਦੀ ਬਾਰੇ ਵਰਨਣ ਕੀਤਾ। ਇਸ ਦੇ ਨਾਲ ਹੀ ਪੰਜਾਬ ਦੀਆਂ ਵਿੱਛੜੀਆਂ ਰੂਹਾਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਸਿੰਘ ਚੌਹਾਨ, ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ, ਸਾਬਕਾ ਰਾਜ ਮੰਤਰੀ ਤਾਰਾ ਸਿੰਘ ਲਾਡਲ ਅਤੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੰਧ ਨੂੰ ਸਦਨ ਅੰਦਰ ਸ਼ਰਧਾਂਜਲੀ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਦਾ ਨਾਂ ਬਦਲਣ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ।
ਕੇਂਦਰ ਸਰਕਾਰ ਨੇ ਇਸ ਯੋਜਨਾ ਦਾ ਨਾਂ ਬਦਲ ਕੇ ‘ਵਿਕਾਸ ਭਾਰਤ-ਰੁਜ਼ਗਾਰ ਅਤੇ ਰੋਜ਼ੀ-ਰੋਟੀ ਮਿਸ਼ਨ (ਗ੍ਰਾਮੀਣ) (ਵੀ. ਬੀ. ਗ੍ਰਾਮ-ਜੀ)’ ਰੱਖ ਦਿੱਤਾ ਹੈ, ਜਿਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਸੈਸ਼ਨ ਦੌਰਾਨ ਮਨਰੇਗਾ ਐਕਟ ‘ਚ ਸੋਧਾਂ ਨੂੰ ਰੱਦ ਕਰਨ ਦੀਆਂ ਮੰਗਾਂ ਕੀਤੀਆਂ ਜਾਣਗੀਆਂ। ਕੇਂਦਰ ਸਰਗਕਾਰ ਖ਼ਿਲਾਫ਼ ਇਕ ਮਤਾ ਵੀ ਪੇਸ਼ ਕੀਤਾ ਜਾਵੇਗਾ, ਹਾਲਾਂਕਿ ਸਦਨ ‘ਚ ਕੋਈ ਪ੍ਰਸ਼ਨ ਕਾਲ ਜਾਂ ਸਿਫ਼ਰ ਕਾਲ ਨਹੀਂ ਹੋਵੇਗਾ।
