ਨੈਸ਼ਨਲ ਟਾਈਮਜ਼ ਬਿਊਰੋ :- ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਕਿਸਾਨਾਂ ਵਿਚਕਾਰ ਹੋਈ ਬਹਿਸ ਤੋਂ ਬਾਅਦ ਭਗਵੰਤ ਮਾਨ ਮੀਟਿੰਗ ਛੱਡ ਕੇ ਚਲੇ ਗਏ। ਇਸ ਤੋਂ ਬਾਅਦ ਚੜ੍ਹਦੇ ਦਿਨ ਹੀ ਕਿਸਾਨਾਂ ਉੱਤੇ ਐਕਸ਼ਨ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੂੰ ਨਜ਼ਰਬੰਦ ਕੀਤਾ ਜਾ ਰਿਹਾ ਹੈ ਇਸ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ ਤੇ ਹੁਣ ਸਿਆਸੀ ਲੀਡਰ ਵੀ ਕਿਸਾਨਾਂ ਉੱਤੇ ਹੋਈ ਕਾਰਵਾਈ ਦਾ ਵਿਰੋਧ ਕਰ ਰਹੇ ਹਨ।
ਇਸ ਨੂੰ ਲੈ ਕੇ ਹਲਕਾ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ (Pargat Singh) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਪਹਿਲਾਂ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਉਂਦੇ ਹਨ, ਫਿਰ ਦੁਰਵਿਵਹਾਰ ਕਰਦੇ ਹਨ, ਮੀਟਿੰਗ ਛੱਡ ਭੱਜ ਜਾਂਦੇ ਹਨ, ਅਤੇ ਬਾਅਦ ਵਿੱਚ ਟਵੀਟਾਂ ਰਾਹੀਂ ਕਿਸਾਨਾਂ ਖਿਲਾਫ਼ ਜਹਿਰ ਘੋਲਦੇ ਹਨ ! ਹੁਣ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਤਾਨਾਸ਼ਾਹੀ ਹੁਕਮ ਜਾਰੀ ਕਰ ਰਹੇ ਹਨ—ਇਹ ਸਰਾਸਰ ਤਾਨਾਸ਼ਾਹੀ ਹੈ।
ਪਰਗਟ ਸਿੰਘ ਨੇ ਕਿਹਾ ਕਿ ਇਹ ਸਿਰਫ਼ ਪੰਜਾਬ ਦੇ ਕਿਸਾਨਾਂ ਦਾ ਅਪਮਾਨ ਨਹੀਂ, ਸਗੋਂ ਭਾਜਪਾ ਦੀ ਧਰੁਵੀਕਰਨ ਦੀ ਰਾਜਨੀਤੀ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸਾਜ਼ਿਸ਼ ਹੈ। ਪੰਜਾਬ ਇਹ ਸਭ ਬਰਦਾਸ਼ਤ ਨਹੀਂ ਕਰੇਗਾ!ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਦੇ ਏਜੰਡੇ ਉੱਤੇ ਕੰਮ ਕਰ ਰਹੇ ਹਨ। ਜੋ ਪੁਲਿਸ ਛਾਪੇਮਾਰੀ ਕਰ ਰਹੀ ਹੈ ਉਹ ਬਹੁਤ ਹੀ ਨਿੰਦਣਯੋਗ ਹੈ ਜਦੋਂ ਕਿ ਆਮ ਆਦਮੀ ਪਾਰਟੀ ਖ਼ੁਦ ਧਰਨਿਆਂ ਵਿੱਚੋਂ ਨਿਕਲੀ ਹੈ। ਇਹ ਜੋ ਕੁਝ ਵੀ ਹੋ ਰਿਹਾ ਹੈ ਉਹ ਪੰਜਾਬ ਲਈ ਬਹੁਤ ਚੰਗਾ ਨਹੀਂ ਹੈ ਤੇ ਇਹੋ ਜਿਹੀਆਂ ਹਰਕਤਾਂ ਬੰਦ ਕਰੋ, ਇਹ ਸਭ ਪੰਜਾਬ ਦਾ ਨੁਕਸਾਨ ਕਰਨ ਵਾਲੀਆਂ ਗੱਲਾਂ ਹਨ।