ਚੰਡੀਗੜ੍ਹ – ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਦੌਰਾਨ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ’ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਸਰੀਰਕ ਸਿਖਲਾਈ ਇੰਸਟ੍ਰਕਟਰ (ਪੀ.ਟੀ.ਆਈ.) ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਨੂੰ ਪ੍ਰਵਾਨਗੀ ਪੱਤਰ ਭੇਜ ਦਿੱਤਾ ਗਿਆ ਹੈ ਤੇ ਭਰਤੀ ਪ੍ਰਕਿਰਿਆ ਯੋਗਤਾ-ਆਧਾਰਤ ਅਤੇ ਪਾਰਦਰਸ਼ੀ ਢੰਗ ਨਾਲ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ’ਤੇ ਚਾਨਣਾ ਪਾਉਂਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਸਾਲਾਂ ’ਚ ਸਕੂਲ ਅਧਿਆਪਕਾਂ ਦੀਆਂ 13 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ’ਚ 4006 ਮਾਸਟਰ ਕਾਡਰ ਅਧਿਆਪਕ ਤੇ 7351 ਈ. ਟੀ. ਟੀ. ਅਧਿਆਪਕ ਸ਼ਾਮਲ ਹਨ। ਇਨ੍ਹਾਂ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਪੰਜਾਬ ਸਰਕਾਰ ਦੇ ਸਾਰੇ ਸਕੂਲਾਂ ’ਚ ਖੇਡ ਮੈਦਾਨਾਂ ਦੀ ਉਸਾਰੀ ਸਬੰਧੀ ਮਕਸਦ ਨੂੰ ਅਮਲੀ ਜਾਮਾ ਪਹਿਨਾਵੇਗੀ, ਜਿਸ ਨਾਲ ਵਿਦਿਆਰਥੀਆਂ ਨੂੰ ਢੁਕਵਾਂ ਖੇਡ ਢਾਂਚਾ ਮੁਹੱਈਆ ਹੋਵੇਗਾ।
ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਪ੍ਰਕਿਰਿਆ ਅਤੇ ਯੋਗਤਾ ਮਾਪਦੰਡਾਂ ਸਬੰਧੀ ਵੇਰਵੇ 7 ਦਿਨਾਂ ਦੇ ਅੰਦਰ-ਅੰਦਰ ਅਧਿਕਾਰਤ ਵੈੱਬਸਾਈਟ educationrecruitmentboard.com ਉਤੇ ਉਪਲਬਧ ਹੋ ਜਾਣਗੇ।