ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਇਸ ਸਮੇਂ ਕਣਕ ਦੀ ਰੰਗ ਵਟਾ ਰਹੀ ਫਸਲ ਨੂੰ ਮੀਂਹ ਦੀ ਸਖ਼ਤ ਲੋੜ ਹੈ ਅਤੇ ਇਸ ਦਰਮਿਆਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਚੰਡੀਗੜ੍ਹ ਮੌਸਮ ਵਿਭਾਗ ਨੇ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਸਾਲ ਜ਼ਿਆਦਾ ਠੰਢ ਨਾ ਪੈਣ ਕਰਕੇ ਕਣਕ ਦੀ ਫਸਲ ਨੂੰ ਗਰਮੀ ਦੀ ਮਾਰ ਕਾਰਣ ਨੁਕਸਾਨ ਪਹੁੰਚਿਆ ਹੈ ਅਤੇ ਅਜਿਹੇ ਵਿੱਚ ਮੀਂਹ ਦੀ ਸੰਭਾਵਨਾ ਕਣਕ ਅਤੇ ਹੋਰ ਫਸਲਾਂ ਲਈ ਲਾਹੇਵੰਦ ਸਿੱਧ ਹੋ ਸਕਦੀ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ
ਚੰਡੀਗੜ੍ਹ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਿਕ ਅੱਜ ਸੰਗਰੂਰ , ਬਰਨਾਲਾ, ਪਟਿਆਲਾ, ਮੋਹਾਲੀ, ਸ੍ਰੀ ਫਤਹਿਗੜ੍ਹ ਸਾਹਿਬ, ਲੁਧਿਆਣਾ, ਚੰਡੀਗੜ੍ਹ ਅਤੇ ਰੂਪਨਗਰ ਵਿੱਚ ਹਲਕੇ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਬੱਦਲ ਵੀ ਛਾਏ ਹੋਏ ਹਨ। ਇਸ ਤੋਂ ਇਲਾਵਾ ਦੱਸ ਦਈਏ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ ਹੈ। ਇਸ ਤੋਂ ਇਲਾਵਾ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬੱਦਲਵਾਈ ਰਹੇਗੀ ਅਤੇ ਤੇਜ਼ ਹਵਾਵਾਂ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਜੇਕਰ ਗੱਲ ਕਰੀਏ ਰਾਜਧਾਨੀ ਦਿੱਲੀ ਅਤੇ ਐਨਸੀਆਰ ਦੀ ਤਾਂ ਇੱਥੇ ਵੀ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਵੀਰਵਾਰ ਸਵੇਰੇ 6 ਵਜੇ ਦਿੱਲੀ ਦਾ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਵੀਰਵਾਰ ਨੂੰ ਦਿਨ ਵੇਲੇ ਬੱਦਲਵਾਈ ਰਹਿ ਸਕਦੀ ਹੈ। ਕੁੱਝ ਇਲਾਕਿਆਂ ਵਿੱਚ ਬੂੰਦਾ-ਬਾਂਦੀ ਵੀ ਹੋਈ। ਵੱਧ ਤੋਂ ਵੱਧ ਤਾਪਮਾਨ 25-17 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17-19 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੀਂਹ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
