ਰਣਜੀਤ ਸਿੰਘ ਦੀ ਮਾਂ ਨੇ ਕੀਤਾ ਹਾਈਕੋਰਟ ਦਾ ਰੁਖ, ਪੁੱਤ ਦੇ ਐਨਕਾਊਂਟਰ ਦੀ ਕੀਤੀ CBI ਜਾਂਚ ਦੀ ਮੰਗ

ਗੁਰਪ੍ਰੀਤ ਸਿੰਘ :- ਗੁਰਦਾਸਪੁਰ ਵਿਚ ਪੁਲਿਸ ਐਨਕਾਊਂਟਰ ਵਿਚ ਮਾਰੇ ਗਏ 19 ਸਾਲਾ ਨੌਜਵਾਨ ਰਣਜੀਤ ਸਿੰਘ ਦੀ ਮਾਂ ਨੇ ਆਪਣੇ ਪੁੱਤ ਦੀ ਮੌਤ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਬੂਹਾ ਖੜਕਿਆ ਹੈ। ਰਣਜੀਤ ਸਿੰਘ ਦੀ ਮਾਂ ਸੁਖਜਿੰਦਰ ਕੌਰ ਨੇ ਇਸ ਐਨਕਾਊਂਟਰ ਨੂੰ ‘ਗੈਰ-ਕਾਨੂੰਨੀ ਅਤੇ ਸੰਵਿਧਾਨ ਵਿਰੋਧੀ’ ਦੱਸਦਿਆਂ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ।

ਇਸ ਮਾਮਲੇ ਦੀ ਜਾਂਚ ਸੀਬੀਆਈ (CBI) ਜਾਂ ਹਾਈਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠਲੀ ਵਿਸ਼ੇਸ਼ ਜਾਂਚ ਟੀਮ (SIT) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਪੀਜੀਆਈ (PGI) ਚੰਡੀਗੜ੍ਹ ਦੇ ਡਾਕਟਰਾਂ ਦੇ ਬੋਰਡ ਤੋਂ ਕਰਵਾਇਆ ਜਾਵੇ ਤਾਂ ਜੋ ਨਿਰਪੱਖ ਰਿਪੋਰਟ ਸਾਹਮਣੇ ਆ ਸਕੇ। ਇਸ ਪਟੀਸ਼ਨ ਦੀ ਸੁਣਵਾਈ ਭਲਕੇ ਹੋਵੇਗੀ।

ਦੱਸ ਦੇਈਏ ਕਿ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ ਦਾ ਹਾਈਕੋਰਟ ਨੇ ਨੋਟਿਸ ਲਿਆ ਹੈ ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਜਵਾਬ ਤਲਬ ਕੀਤਾ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿਚ SIT ਬਣਾ ਦਿੱਤੀ ਗਈ ਹੈ, ਉਹ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਗਰੋਂ ਅਦਾਲਤ ਨੇ ਪੁਲਿਸ. ਨੂੰ ਜਵਾਬ ਦਾਖਲ ਕਰਨ ਲਈ 2 ਹਫਤੇ ਦਾ ਸਮਾਂ ਦਿੱਤਾ ਹੈ।

ਦੂਜੇ ਪਾਸੇ ਬੀਤੇ ਦਿਨੀਂ ਰਣਜੀਤ ਸਿੰਘ ਦੀ ਦੇਹ ਪੋਸਟਮਾਰਟਮ ਮਗਰੋਂ ਪਰਿਵਾਰ ਨੂੰ ਸੌਂਪ ਦਿੱਤੀ ਗਈ ਪਰ ਪਰਿਵਾਰ ਵਾਲਿਆਂ ਵੱਲੋਂ ਰਣਜੀਤ ਸਿੰਘ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅਸੀਂ ਸਸਕਾਰ ਨਹੀਂ ਕਰਾਂਗੇ। ਉਨ੍ਹਾਂ ਦੀ ਮੰਗ ਹੈ ਕਿ ਜਿਹੜੇ ਅਧਿਕਾਰੀਆਂ ਨੇ ਰਣਜੀਤ ਸਿੰਘ ਦਾ ਐਨਕਾਊਂਟਰ ਕੀਤਾ ਹੈ ਉਨ੍ਹਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਇਨਸਾਫ ਨਾ ਮਿਲਿਆ ਤੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਡੇ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *