ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਪਣੇ ਧੂਰੀ ਦੌਰੇ ਦੌਰਾਨ ਜਾਤੀ-ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਤਲਬ ਕੀਤਾ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਰਵਨੀਤ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ-ਸੂਚਕ ਸ਼ਬਦ ਵਰਤੇ ਗਏ। ਇਸ ਸਬੰਧੀ ਐਸ.ਐਸ.ਪੀ. ਸੰਗਰੂਰ ਤੋਂ ਰਿਪੋਰਟ ਮੰਗੀ ਗਈ ਸੀ, ਪਰ ਪੁਲੀਸ ਵੱਲੋਂ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਕਮਿਸ਼ਨ ਨੇ ਅਸਹਿਮਤੀ ਜ਼ਾਹਰ ਕੀਤੀ।
ਹਾਲਾਂਕਿ ਇਸ ਤੋਂ ਪਹਿਲਾਂ ਹੀ ਰਵਨੀਤ ਬਿੱਟੂ ਨੇ ਐੱਸਸੀ ਭਾਈਚਾਰੇ ਤੋਂ ਜਨਤਕ ਤੌਰ ‘ਤੇ ਮੁਆਫੀ ਮੰਗ ਲਈ ਹੈ। ਅੰਮ੍ਰਿਤਸਰ ਦੌਰੇ ਦੌਰਾਨ ਕੇਂਦਰੀ ਮੰਤਰੀ ਨੇ ਕਿਹਾ ਕਿ ਚੋਣਾਂ ਦੇ ਸਮੇਂ ਹੋਈ ਬਹਿਸ ਅਤੇ ਗਰਮਾ-ਗਰਮੀ ਵਾਲੇ ਮਾਹੌਲ ਵਿੱਚ ਉਨ੍ਹਾਂ ਕੋਲੋਂ ਜਾਣ-ਅਣਜਾਣੇ ਵਿੱਚ ਗਲਤ ਸ਼ਬਦ ਨਿਕਲ ਗਏ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਦੀ ਭਾਵਨਾਵਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮਕਸਦ ਨਹੀਂ ਸੀ।
ਰਵਨੀਤ ਬਿੱਟੂ ਨੇ ਆਪਣੇ ਪਰਿਵਾਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਆਪਣੇ ਦਾਦਾ ਅਤੇ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੇ ਸਮੇਂ ਤੋਂ ਆਪਣੇ ਇਲਾਕੇ ਵਿੱਚ ਐੱਸਸੀ ਭਾਈਚਾਰੇ ਦੇ ਪ੍ਰੋਗਰਾਮਾਂ ਵਿੱਚ ਸ਼ਰਧਾ ਨਾਲ ਸ਼ਾਮਲ ਹੁੰਦੇ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇ ਜ਼ਰੂਰਤ ਪਈ ਤਾਂ ਉਹ ਐੱਸਸੀ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ ਅਤੇ ਮੁਆਫੀ ਵੀ ਮੰਗਣਗੇ।
