ਗੁਰਪ੍ਰੀਤ ਸਿੰਘ :- ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਵਿੱਚ ਬਤੌਰ ਆਊਟਸੋਰਸ ਕੰਮ ਕਰ ਰਹੇ ਕਾਮਿਆਂ ਨੂੰ ਕੰਟਰੈਕਟ ਸਿਸਟਮ ਵਿੱਚ ਲਿਆਉਣ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਜਨਰਲ ਸਕੱਤਰ ਸਮਸ਼ੇਰ ਸਿੰਘ ਨੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ, ਜੋ ਟਰਾਂਸਪੋਰਟ ਮੰਤਰੀ ਪੰਜਾਬ ਵੀ ਹਨ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਪਨਬੱਸ ਅਤੇ ਪੀਆਰਟੀਸੀ ਵਿੱਚ ਪਿਛਲੇ ਕਈ ਸਾਲਾਂ ਤੋਂ ਸਿਰੜੀ ਬਣਕੇ ਸੇਵਾਵਾਂ ਨਿਭਾਅ ਰਹੇ ਆਉਟਸੋਰਸਿੰਗ ਕਾਮਿਆਂ ਨੂੰ ਸਰਕਾਰੀ ਕੰਟਰੈਕਟ ‘ਤੇ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਪ੍ਰਕਿਰਿਆ ਤਹਿਤ ਆਊਟਸੋਰਸ ਕਾਮਿਆਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਵਿਭਾਗ ਵਿੱਚ ਕੰਟਰੈਕਟ ‘ਤੇ ਹਾਜ਼ਰ ਕਰਵਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਅੱਜ ਲਗਭੱਗ 400 ਦੇ ਕਰੀਬ ਆਊਟਸੋਰਸ ਕਾਮਿਆਂ ਨੂੰ ਕੰਟਰੈਕਟ ‘ਤੇ ਲਿਆਉਣ ਲਈ ਨਿਯੁਕਤੀ ਪੱਤਰ ਸੌਂਪ ਕੇ ਹਾਜ਼ਰ ਕਰਵਾਇਆ ਜਾ ਚੁੱਕਿਆ ਹੈ।ਉਨ੍ਹਾਂ ਦੱਸਿਆ ਕਿ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਅਜੇ ਪੰਜਾਬ ਰੋਡਵੇਜ਼/ ਪਨਬੱਸ ਵਿੱਚ ਹੀ ਸ਼ੁਰੂ ਹੋਈ ਹੈ ਜਦਕਿ ਪੀਆਰਟੀਸੀ ਵਿੱਚ ਆਉਂਦੇ ਕੁੱਝ ਦਿਨਾਂ ਤੱਕ ਆਊਟਸੋਰਸ ਕਾਮਿਆਂ ਨੂੰ ਕੰਟਰੈਕਟ ‘ਤੇ ਲਿਆਉਣ ਲਈ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਆਗੂਆਂ ਨੇ ਦੱਸਿਆ ਕਿ ਪਨਬੱਸ ਅਤੇ ਪੀਆਰਟੀਸੀ ਵਿੱਚ ਪਿਛਲੇ ਕਈ ਸਾਲਾਂ ਤੋਂ ਲਗਭਗ 3000 ਦੇ ਕਰੀਬ ਆਊਟਸੋਰਸ ਕਾਮੇ ਕੰਮ ਕਰ ਰਹੇ ਹਨ ਜਦਕਿ ਬਹੁਤ ਸਾਰੇ ਕਾਮੇ ਖਾਲੀ ਹੱਥ ਸੇਵਾਮੁਕਤ ਹੋ ਚੁੱਕੇ ਹਨ ਅਤੇ ਕਈ ਜਣਿਆਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੱਚੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਕੇ ਉਨ੍ਹਾਂ ਨੂੰ ਯੋਗ ਤਨਖਾਹ ਦਿੱਤੀ ਜਾਵੇ।
