ਨੈਸ਼ਨਲ ਟਾਈਮਜ਼ ਬਿਊਰੋ :- ਜਲਾਲਾਬਾਦ ਵਿੱਚ ਅੱਜ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਦੌਰਾਨ ਹੰਗਾਮਾ ਹੋ ਗਿਆ। ਵੋਟਾਂ ਦੀ ਗਿਣਤੀ ਨੂੰ ਲੈ ਕੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵੱਲੋਂ ਸਾਂਝਾ ਤੌਰ ‘ਤੇ ਧਰਨਾ ਲਗਾਇਆ ਗਿਆ ਅਤੇ ਫ਼ਿਰੋਜ਼ਪੁਰ–ਫ਼ਾਜ਼ਿਲਕਾ ਮੁੱਖ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ।
ਪ੍ਰਦਰਸ਼ਨ ਕਰ ਰਹੇ ਆਗੂਆਂ ਦਾ ਦੋਸ਼ ਹੈ ਕਿ ਉਨ੍ਹਾਂ ਦੀਆਂ ਪਾਰਟੀਆਂ ਦੇ ਏਜੰਟਾਂ ਨੂੰ ਗਿਣਤੀ ਕੇਂਦਰ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਜਾ ਰਿਹਾ ਹੈ, ਜਦਕਿ ਆਮ ਆਦਮੀ ਪਾਰਟੀ ਨਾਲ ਸਬੰਧਤ ਲੋਕ ਅੰਦਰ ਮੌਜੂਦ ਹਨ। ਉਨ੍ਹਾਂ ਨੇ ਸਰਕਾਰ ‘ਤੇ ਭੇਦਭਾਵ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਨਿਰਪੱਖ ਗਿਣਤੀ ਦੀ ਮੰਗ ਕੀਤੀ।
ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਵੋਟਾਂ ਦੀ ਗਿਣਤੀ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਹੋ ਰਹੀ ਹੈ।
ਮਾਮਲੇ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਡੀਐਸਪੀ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਕਾਨੂੰਨ ਅਨੁਸਾਰ ਅਤੇ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਵਾਜਾਈ ਨੂੰ ਬਹਾਲ ਕਰਨ ਲਈ ਯਤਨ ਜਾਰੀ ਹਨ।
