”ਸਾਹਿਬਜ਼ਾਦੇ ਸ਼ਹਾਦਤ ਦਿਵਸ” ਨਾਮ ਰੱਖਣ ਲਈ ਸੰਤ ਸੀਚੇਵਾਲ ਨੇ PM ਮੋਦੀ ਨੂੰ ਲਿਖਿਆ ਪੱਤਰ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਚਾਰ ਸਾਹਿਬਜ਼ਾਦਿਆਂ ਦੀ ਯਾਦ ’ਚ ਭਾਰਤ ਸਰਕਾਰ ਵੱਲੋਂ ਕੌਮੀ ਪੱਧਰ ’ਤੇ ਮਨਾਏ ਜਾਂਦੇ ‘ਵੀਰ ਬਾਲ ਦਿਵਸ’ ਦਾ ਨਾਮ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਲਈ ਪੰਜਾਬ ਦੇ ਸਾਰੇ ਪਾਰਲੀਮੈਂਟ ਦੇ ਮੈਂਬਰਾਂ ਨੂੰ ਪੱਤਰ ਲਿਖਿਆ ਹੈ। ਇਹ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਇੰਚਾਰਜ ਵੱਲੋਂ ਲਿਖਿਆ ਗਿਆ ਹੈ। ਇਸ ਪੱਤਰ ’ਤੇ ਪਹਿਲ ਕਦਮੀ ਕਰਦਿਆਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਭਾਰਤ ਸਰਕਾਰ ਨੇ ਸਾਲ 2022 ਵਿਚ ‘ਵੀਰ ਬਾਲ ਦਿਵਸ’ ਨੂੰ ਕੌਮੀ ਪੱਧਰ ’ਤੇ ਮਨਾਉਣਾ ਸ਼ੁਰੂ ਕੀਤਾ ਸੀ। ਸੰਤ ਸੀਚੇਵਾਲ ਵੱਲੋਂ ਪੰਜਾਬੀ ਅਤੇ ਅੰਗਰੇਜ਼ੀ ਵਿਚ ਲਿਖੇ ਪੱਤਰ ਵਿਚ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਲ 2025 ਦੇ ਆਖੀਰਲੇ ਦਿਨਾਂ ਵਿਚ ਆ ਰਹੇ ਇਸ ਪਵਿੱਤਰ ਸ਼ਹੀਦੀ ਦਿਵਸ ਤੋਂ ਪਹਿਲਾਂ-ਪਹਿਲਾਂ ਇਸ ਇਤਿਹਾਸਕ ਦਿਹਾੜੇ ਦਾ ਨਾਮ ‘ਵੀਰ ਬਾਲ ਦਿਵਸ’ ਤੋਂ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਿਆ ਜਾਵੇ।

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿਚ ਭਾਰਤ ਸਰਕਾਰ ਦੀ ਇਸ ਗੱਲ ਤੋਂ ਪ੍ਰਸ਼ੰਸਾ ਕੀਤੀ ਕਿ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਰਕਾਰ ਨੇ ਕੌਮੀ ਪੱਧਰ ’ਤੇ ਮਨਾਉਣ ਦਾ ਸਾਲ 2022 ਵਿਚ ਫ਼ੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਸਰਕਾਰ ਨੇ ਇਸ ਕੌਮੀ ਸ਼ਹਾਦਤ ਦਾ ਨਾਮ ਵੀਰ ਬਾਲ ਦਿਵਸ ਰੱਖਿਆ ਤਾਂ ਉਸ ਦਿਨ ਤੋਂ ਸਿੱਖ ਭਾਈਚਾਰੇ ਵੱਲੋਂ ਇੰਤਰਾਜ਼ ਆਉਣੇ ਸ਼ੁਰੂ ਹੋ ਗਏ ਸਨ। ਵੱਖ-ਵੱਖ ਸਿੱਖ ਸੰਗਠਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਜਿੱਥੇ ਆਪਣੇ ਇਤਰਾਜ਼ ਪ੍ਰਗਟਾਏ ਸਨ ਤੇ ਨਾਂਅ ਬਦਲਣ ਦੀ ਮੰਗ ਨੂੰ ਜ਼ੋਰਦਾਰ ਉਠਾਈ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਚਾਰੇ ਸਾਹਿਬਜ਼ਾਦੇ ਸਿੱਖ ਕੌਮ ਲਈ ਸਤਿਕਾਰਯੋਗ ਹਨ। ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਛੋਟਾ ਕਰਕੇ ਨਹੀਂ ਵਿਖਾਇਆ ਜਾ ਸਕਦਾ।

By Gurpreet Singh

Leave a Reply

Your email address will not be published. Required fields are marked *