ਗੁਰਪ੍ਰੀਤ ਸਿੰਘ :- ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਮੌਜੂਦਾ ਸਰਪੰਚ ਹਰਵਿੰਦਰ ਸਿੰਘ ਹੈਪੀ ‘ਤੇ ਕਾਰ ਸਵਾਰ ਅਨਪਛਾਤੇ ਵਿਅਕਤੀਆਂ ਵੱਲੋਂ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਕਰੀਬ ਸੱਤ ਤੋਂ ਅੱਠ ਰਾਊਂਡ ਫਾਇਰ ਕੀਤੇ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਹਮਲੇ ਦੌਰਾਨ ਜਖਮੀ ਹੋਏ ਸਰਪੰਚ ਹਰਵਿੰਦਰ ਸਿੰਘ ਹੈਪੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਐਸਐਸਪੀ ਮੋਗਾ ਅਜੇ ਗਾਂਧੀ ਨੇ ਦੱਸਿਆ ਕਿ ਮਾਮਲਾ ਆਪਸੀ ਰੰਜਿਸ਼ ਨਾਲ ਸੰਬੰਧਿਤ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਪੰਚ ਹਰਵਿੰਦਰ ਸਿੰਘ ਹੈਪੀ ਖ਼ਿਲਾਫ਼ ਵੀ ਵੱਖ-ਵੱਖ ਧਾਰਾਵਾਂ ਤਹਿਤ ਕਰੀਬ 10 ਤੋਂ 12 ਮਾਮਲੇ ਦਰਜ ਹਨ।
ਪੁਲਿਸ ਵੱਲੋਂ ਇਸ ਘਟਨਾ ਦੀ ਜਾਂਚ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਮਾਮਲੇ ਨੂੰ ਹਰ ਪੱਖੋਂ ਖੰਗਾਲਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
