ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

ਗੁਰਪ੍ਰੀਤ ਸਿੰਘ :- ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਸ਼ੁਰੂ ਕੀਤਾ ਗਿਆ 7 ਰੋਜ਼ਾ ਪੱਕਾ ਮੋਰਚਾ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਪੰਜਾਬ ਭਰ ਤੋਂ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਧਰਨੇ ਵਾਲੀ ਥਾਂ ’ਤੇ ਪਹੁੰਚ ਰਹੇ ਹਨ ਅਤੇ 7 ਸਤੰਬਰ ਤੱਕ ਇੱਥੇ ਦਿਨ-ਰਾਤ ਧਰਨਾ ਜਾਰੀ ਰਹੇਗਾ। ਕਿਸਾਨਾਂ ਨੇ ਮੋਹਾਲੀ ਦੇ ਫੇਜ਼-11 ਤੋਂ ਚੰਡੀਗੜ੍ਹ ਦੇ ਸੈਕਟਰ-48 ਤੱਕ ਸੜਕ ਦੇ ਇੱਕ ਹਿੱਸੇ ’ਤੇ ਮੋਰਚਾ ਲਗਾਇਆ ਹੋਇਆ ਹੈ। ਇਸ ਕਾਰਨ ਮੋਹਾਲੀ-ਚੰਡੀਗੜ੍ਹ ਅਤੇ ਏਅਰਪੋਰਟ ਰੋਡ ’ਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨੂੰ ਸੁਚਾਰੂ ਰੱਖਣ ਲਈ ਕਈ ਥਾਵਾਂ ’ਤੇ ਰੂਟ ਡਾਇਵਰਟ ਕੀਤੇ ਗਏ ਹਨ।

ਕਿਸਾਨ ਜਥੇਬੰਦੀਆਂ ਵੱਲੋਂ MSP ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਗੰਨੇ ਦੀ ਫ਼ਸਲ ਦੀ ਸਮੇਂ ਸਿਰ ਅਦਾਇਗੀ ਅਤੇ ਪੰਜਾਬ ਦੇ ਪਾਣੀਆਂ ਨਾਲ ਜੁੜੇ ਮੁੱਦਿਆਂ ਸਮੇਤ ਕਈ ਮੰਗਾਂ ਉਠਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਕਿਸਾਨ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਕੁਝ ਖੇਤੀਬਾੜੀ ਨਾਲ ਸਬੰਧਤ ਬਿੱਲਾਂ ਦਾ ਵੀ ਵਿਰੋਧ ਕਰ ਰਹੇ ਹਨ।

ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਵੱਲੋਂ ਵਾਹਨਾਂ ਲਈ ਬਦਲਵੇਂ ਰਸਤੇ ਤੈਅ ਕੀਤੇ ਗਏ ਹਨ। ਮੋਹਾਲੀ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ ਵਾਹਨਾਂ ਨੂੰ ਕੁਝ ਥਾਵਾਂ ਤੋਂ ਡਾਇਵਰਟ ਕੀਤਾ ਜਾ ਰਿਹਾ ਹੈ, ਜਦਕਿ ਏਅਰਪੋਰਟ ਵੱਲ ਜਾਣ ਵਾਲੇ ਯਾਤਰੀਆਂ ਨੂੰ ਵੀ ਰੂਟ ਬਦਲਣ ਦੀ ਸਲਾਹ ਦਿੱਤੀ ਗਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੋਰਚਾ ਸ਼ਾਂਤਮਈ ਢੰਗ ਨਾਲ ਜਾਰੀ ਰਹੇਗਾ ਅਤੇ ਸਰਕਾਰ ਨਾਲ ਗੱਲਬਾਤ ਲਈ ਉਹ ਤਿਆਰ ਹਨ। ਦੂਜੇ ਪਾਸੇ, ਬਾਰਡਰ ’ਤੇ ਵਧੀ ਕਿਸਾਨਾਂ ਦੀ ਗਿਣਤੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਟ੍ਰੈਫਿਕ ’ਤੇ ਹੋਰ ਅਸਰ ਪੈਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *