ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵਾਰ ਫਿਰ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਾਂ ਨੂੰ ਲੈ ਕੇ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਅਤੇ ਬੇਹੱਦ ਸਤਿਕਾਰਯੋਗ ਹੈ, ਪਰ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੁਝ ਲੋਕ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਸ ਪਵਿੱਤਰ ਸੰਸਥਾ ਦੀ ਦੁਰਵਰਤੋਂ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਨੂੰ ਲੈ ਕੇ ਵੱਡੀ ਮੰਗ ਚੁੱਕੀ ਹੈ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਦੀਆਂ ਚੋਣਾਂ ਤੁਰੰਤ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਤੰਤਰੀ ਤਰੀਕੇ ਨਾਲ ਪ੍ਰਬੰਧ ਚਲਾਇਆ ਜਾ ਸਕੇ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਦੇਸ਼ ਦੀਆਂ ਅਜਿਹੀਆਂ ਮਹਾਨ ਧਾਰਮਿਕ ਸੰਸਥਾਵਾਂ ਨੂੰ ਕੁਝ ਖ਼ਾਸ ਲੋਕਾਂ ਜਾਂ ਪਰਿਵਾਰਾਂ ਵੱਲੋਂ ਆਪਣੇ ਨਿੱਜੀ ਹਿੱਤਾਂ ਲਈ ਬੰਧਕ ਨਹੀਂ ਬਣਾਇਆ ਜਾ ਸਕਦਾ।
ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੇ ਸਿਆਸੀ ਅਤੇ ਧਾਰਮਿਕ ਗਲਿਆਰਿਆਂ ਵਿੱਚ ਬਹਿਸ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਧਾਰਮਿਕ ਸੰਸਥਾਵਾਂ ਦਾ ਕੰਮ ਸੰਗਤ ਦੀ ਭਲਾਈ ਅਤੇ ਧਰਮ ਦਾ ਪ੍ਰਚਾਰ ਕਰਨਾ ਹੈ, ਨਾ ਕਿ ਕਿਸੇ ਵਿਸ਼ੇਸ਼ ਸਿਆਸੀ ਪਾਰਟੀ ਜਾਂ ਆਗੂਆਂ ਦੇ ਹਿੱਤਾਂ ਦੀ ਰਾਖੀ ਕਰਨਾ।
ਹੁਣ ਦੇਖਣਾ ਇਹ ਹੋਵੇਗਾ ਕਿ ਮੁੱਖ ਮੰਤਰੀ ਦੀ ਇਸ ਮੰਗ ਅਤੇ ਤਿੱਖੇ ਬਿਆਨ ‘ਤੇ ਸ਼੍ਰੋਮਣੀ ਕਮੇਟੀ ਅਤੇ ਵਿਰੋਧੀ ਧਿਰਾਂ ਵੱਲੋਂ ਕੀ ਪ੍ਰਤੀਕਿਰਿਆ ਸਾਹਮਣੇ ਆਉਂਦੀ ਹੈ।
