ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਪੰਜਾਬ ਤੇ ਪੰਥਕ ਮੁੱਦਿਆਂ ਤੇ ਸਪੱਸ਼ਟ ਰੁਖ਼, ਪੀਰ ਮੁਹੰਮਦ ਬੋਲੇ – ਇਸ ਸਮੇਂ BJP ਨਾਲ ਗਠਜੋੜ ਦੀ ਕੋਈ ਤੁਰੰਤ ਲੋੜ ਨਹੀਂ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪੰਜਾਬ ਦੇ ਭਖਦੇ ਮੁੱਦਿਆਂ ਅਤੇ ਪੰਥਕ ਏਕਤਾ ਨੂੰ ਲੈ ਕੇ ਅੰਮ੍ਰਿਤਸਰ ਵਿੱ’ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਦਾ ਰੁੱਖ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਥ ਨਾਲ ਜੁੜੇ ਅਹਿਮ ਮੁੱਦਿਆਂ ਤੇ ਸਪੱਸ਼ਟਤਾ ਤੋਂ ਬਿਨਾਂ ਕਿਸੇ ਵੀ ਰਾਜਨੀਤਿਕ ਗਠਜੋੜ ਬਾਰੇ ਅੱਗੇ ਨਹੀਂ ਵਧਿਆ ਜਾ ਸਕਦਾ।

ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਆਮ ਆਦਮੀ ਪਾਰਟੀ ਸਮੇਤ ਵੱਖ-ਵੱਖ ਰਾਜਨੀਤਿਕ ਧਿਰਾਂ ਨਾਲ ਸਬੰਧਤ ਵਰਕਰ, ਪੰਚ-ਸਰਪੰਚ ਤੇ ਆਗੂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਨਰ ਸੁਰਜੀਤ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਊਚ-ਨੀਚ ਤੋਂ ਉੱਪਰ ਉੱਠ ਕੇ ਦਲਿਤ ਭਾਈਚਾਰੇ ਸਮੇਤ ਸਮੁੱਚੇ ਪੰਜਾਬੀਆਂ ਨੂੰ ਇੱਕਜੁੱਟ ਕਰਨ ਲਈ ਯਤਨ ਕਰ ਰਹੀ ਹੈ।

ਭਾਜਪਾ ਨਾਲ ਸੰਭਾਵਿਤ ਗਠਜੋੜ ਦੀਆਂ ਚਰਚਾਵਾਂ ਤੇ ਪੀਰ ਮੁਹੰਮਦ ਨੇ ਕਿਹਾ ਕਿ ਪਾਰਟੀ ਨੂੰ ਇਸ ਸਮੇਂ BJP ਨਾਲ ਗਠਜੋੜ ਦੀ ਕੋਈ ਤੁਰੰਤ ਲੋੜ ਨਹੀਂ ਹੈ। ਜੇਕਰ ਭਾਜਪਾ ਜਾਂ ਕੇਂਦਰ ਸਰਕਾਰ ਅਕਾਲੀ ਦਲ ਨਾਲ ਸਮਝੌਤਾ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਪੰਜਾਬ ਅਤੇ ਪੰਥਕ ਮੁੱਦਿਆਂ ਤੇ ਆਪਣਾ ਸਪੱਸ਼ਟ ਵਿਜ਼ਨ ਸਾਹਮਣੇ ਰੱਖਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਮੁੱਖ ਮੰਗਾਂ ‘ਚ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਬਹਾਲ ਕਰਨਾ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਦੇ ਪਾਣੀਆਂ ‘ਤੇ ਰਿਪੇਰੀਅਨ ਕਾਨੂੰਨ ਅਨੁਸਾਰ ਹੱਕ ਯਕੀਨੀ ਬਣਾਉਣਾ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨਾ ਸ਼ਾਮਲ ਹੈ।

ਇਸ ਤੋਂ ਇਲਾਵਾ ਪੰਜਾਬ ‘ਚ ਨੌਜਵਾਨਾਂ ਦੇ ਪਲਾਇਨ ਨੂੰ ਰੋਕਣ ਲਈ ਖੇਤਰੀ ਯੂਨੀਵਰਸਿਟੀਆਂ ਤੇ ਸਕਿੱਲ ਸੈਂਟਰ ਸਥਾਪਿਤ ਕਰਨ ਦੀ ਮੰਗ ਵੀ ਰੱਖੀ ਗਈ। ਪੀਰ ਮੁਹੰਮਦ ਨੇ ਕਿਹਾ ਕਿ 2 ਦਸੰਬਰ ਦੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਨੁਸਾਰ ਬਾਦਲ ਪਰਿਵਾਰ ਤੋਂ ਬਿਨਾਂ ਪੰਥਕ ਏਕਤਾ ਲਈ ਰਸਤੇ ਹਮੇਸ਼ਾ ਖੁੱਲ੍ਹੇ ਹਨ। ਇਸ ਮੌਕੇ ਜ਼ਿਲ੍ਹਾ ਜਥੇਦਾਰ ਦਿਲਜਿੰਦਰ ਬੀਰ ਸਿੰਘ ਵਿਰਕ, ਮਧੂਪਾਲ ਸਿੰਘ ਗੋਗਾ, ਹਰਜੀਤ ਸਿੰਘ ਪੁਰੇਵਾਲ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *