ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਭਾਈ ਰਾਜੋਆਣਾ ਅਤੇ ਉਹਨਾਂ ਦੇ ਸਾਥੀਆਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਮੀਤ ਸਿੰਘ ਤੇ ਲਖਵਿੰਦਰ ਸਿੰਘ ਸੰਬੰਧੀ ਚੱਲ ਰਹੀ ਨਿਆਂਕ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਚਿੰਤਾ ਜਾਹਿਰ ਕੀਤੀ।
ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਨੇ 1995 ਦੇ ਕੇਸ ਵਿੱਚ ਆਪਣੀ ਭੂਮਿਕਾ ਨੂੰ ਲੈ ਕੇ ਕੋਰਟ ਵਿੱਚ ਸਵੀਕਾਰ ਕਰ ਲਿਆ ਗਿਆ ਅਤੇ ਕੋਈ ਅਪੀਲ ਨਹੀਂ ਕੀਤੀ। ਭਾਵੇਂ ਕੋਰਟ ਵੱਲੋਂ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ, ਪਰ ਸ਼੍ਰੋਮਣੀ ਕਮੇਟੀ ਨੇ ਭਾਈ ਸਾਹਿਬ ਦੀ ਮਾਫੀ ਲਈ 2011 ਵਿੱਚ ਰਾਸ਼ਟਰਪਤੀ ਕੋਲ ਪਟੀਸ਼ਨ ਦਿੱਤੀ ਸੀ, ਜਿਸ ਉੱਤੇ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ।
ਧਾਮੀ ਨੇ ਆਖਿਆ ਕਿ 2022 ਵਿੱਚ ਸੁਪਰੀਮ ਕੋਰਟ ਨੇ ਸੈਂਟਰਲ ਗਵਰਨਮੈਂਟ ਨੂੰ ਸਪੱਸ਼ਟ ਹੁਕਮ ਦਿੱਤੇ ਸਨ ਕਿ ਪਟੀਸ਼ਨ ਦਾ ਨਿਪਟਾਰਾ ਕੀਤਾ ਜਾਵੇ, ਪਰ ਕੇਂਦਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਰਾਜੋਆਣਾ ਨੇ ਆਪਣੇ ਭਾਵੁਕ ਸੰਦੇਸ਼ ਰਾਹੀਂ SGPC ਅਤੇ ਸਰਕਾਰ ਦੋਹਾਂ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਹੈ ਕਿ ਆਖਿਰ 14 ਸਾਲਾਂ ਵਿੱਚ ਵੀ ਇਹ ਮਾਮਲਾ ਅਜੇ ਤਕ ਕਿਉਂ ਲਟਕਾਇਆ ਗਿਆ ਹੈ।
ਇਸ ਸੰਬੰਧ ਵਿੱਚ ਪਹਿਲਾਂ 11 ਮੈਂਬਰਾਂ ਦੀ ਕਮੇਟੀ ਬਣਾਈ ਗਈ ਸੀ ਅਤੇ ਬਾਅਦ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜ ਮੈਂਬਰਾਂ ਦੀ ਕਮੇਟੀ ਵੀ ਗਠਿਤ ਕੀਤੀ ਗਈ। ਪਰ ਧਾਮੀ ਦੇ ਅਨੁਸਾਰ, ਬਾਵਜੂਦ ਸਾਰੀ ਕੋਸ਼ਿਸ਼ਾਂ ਦੇ ਅਜੇ ਤੱਕ ਕੋਈ ਨਿਰਣਾਇਕ ਕਾਰਵਾਈ ਨਹੀਂ ਹੋਈ।
ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਆਪਣੀ ਭੈਣ ਬੀਬੀ ਕਮਲਦੀਪ ਕੌਰ, ਸਿੰਘ ਸਭਾ ਅਤੇ ਹੋਰ ਜਥੇਬੰਦੀਆਂ ਨਾਲ ਵੀ ਸੰਪਰਕ ਰੱਖਦੇ ਹੋਏ ਆਪਣੀਆਂ ਗੰਭੀਰ ਭਾਵਨਾਵਾਂ ਪ੍ਰਗਟ ਕੀਤੀਆਂ ਹਨ। SGPC ਪ੍ਰਧਾਨ ਨੇ ਦੱਸਿਆ ਕਿ ਜਲਦੀ ਹੀ ਇਸ ਮਾਮਲੇ ਨੂੰ ਲੈ ਕੇ ਇਕ ਵੱਡੀ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਅੱਗੇ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
