ਚੌਕ ਮਹਿਤ- ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਪਿਛਲੇ ਦਿਨੀਂ ਕੀਤੀ ਗਈ ਅਪੀਲ ਤੋਂ ਬਾਅਦ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਮਹਾਰਾਸ਼ਟਰ ’ਚ ਸਿੱਖ ਆਨੰਦ ਕਾਰਜ ਮੈਰਿਜ਼ ਐਕਟ ਲਾਗੂ ਕਰਨ ਦਾ ਐਲਾਨ ਕਰ ਕੇ ਸਿੱਖ ਭਾਈਚਾਰੇ ਦੀ ਵੱਡੀ ਮੰਗ ਨੂੰ ਪੂਰਾ ਕੀਤਾ ਹੈ। ਇਸ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕਰਦੇ ਹੋਏ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਆਨੰਦ ਕਾਰਜ ਮੈਰਿਜ਼ ਐਕਟ ਨੂੰ ਕਾਨੂੰਨੀ ਮਾਨਤਾ ਦੇਣਾ ਤੇ ਇਸ ਨੂੰ ਤੁਰੰਤ ਰਾਜ ਭਰ ’ਚ ਲਾਗੂ ਕਰਨਾ ਮੁੰਬਈ ਸਰਕਾਰ ਦਾ ਬੇਹੱਦ ਹੀ ਸ਼ਲਾਘਾਯੋਗ ਉਪਰਾਲਾ ਹੈ।
ਮਹਾਰਾਸ਼ਟਰ ਚੋਣਾਂ ਦੌਰਾਨ ਭਾਜਪਾ ਦੀ ਅਗਵਾਈ ਵਾਲੇ ਮਹਾਯੁੱਤੀ ਗਠਜੋੜ ਨੂੰ ਦਿੱਤੇ ਗਏ ਸਮਰਥਨ ਦਾ ਪੂਰਾ ਮਾਣ ਰੱਖਦੇ ਹੋਏ ਸੱਤਾ ’ਚ ਆਉਣ ਤੋਂ ਬਾਅਦ ਸਰਕਾਰ ਨੇ ਸਿੱਖ ਭਾਈਚਾਰੇ ਨਾਲ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਇਹ ਵੱਡੀ ਖੁਸ਼ੀ ਤੋਹਫੇ ’ਚ ਦਿੱਤੀ ਹੈ।ਉਨ੍ਹਾਂ ਕਿਹਾ ਕਿ ਸੂਬਾ ਪੱਧਰ ’ਤੇ ਸਿੱਖ ਆਨੰਦ ਕਾਰਜ ਮੈਰਿਜ਼ ਐਕਟ ਲਾਗੂ ਹੋਣ ਨਾਲ ਹੁਣ ਸਿੱਖ ਭਾਈਚਾਰੇ ਦੇ ਵਿਆਹ ਰਜਿਸਟ੍ਰੇਸ਼ਨ ਦੀ ਪੂਰੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਯਕੀਨੀ ਹੋਣ ਨਾਲ ਵਿਆਹ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਆਸਾਨ ਅਤੇ ਵਧੇਰੇ ਜਵਾਬਦੇਹ ਹੋ ਗਈ ਹੈ।
ਟਕਸਾਲ ਮੁਖੀ ਨੇ ਕਿਹਾ ਕਿ ਸਿੱਖੀ ਨੂੰ ਵੱਖਰੇ ਧਰਮ ਦੀ ਕਾਨੂੰਨੀ ਮਾਨਤਾ ਦਿਵਾਉਣ ਵੱਲ ਇਹ ਸਿੱਖ ਆਨੰਦ ਕਾਰਜ ਵਿਆਹ ਐਕਟ ਇਕ ਮੀਲ ਪੱਥਰ ਸਾਬਿਤ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਅਪੀਲ ਤੋਂ ਬਾਅਦ ਸਿੱਖ ਭਾਈਚਾਰੇ ਦੇ ਹੱਕ ’ਚ ਤੇਜ਼ੀ ਤੇ ਦਿੜ੍ਹਤਾ ਨਾਲ ਲਏ ਗਏ ਇਸ ਵੱਡੇ ਇਤਿਹਾਸਕ ਫੈਸਲੇ ਲਈ ਨਿੱਜੀ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਨੇ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਕਾਰਜਕਾਰੀ ਚੇਅਰਮੈਨ ਮਲਕੀਤ ਸਿੰਘ ਬਲ, 11 ਮੈਂਬਰੀ ਸਿੱਖ ਤਾਲਮੇਲ ਕਮੇਟੀ ਦੇ ਮੁਖੀ ਭਾਈ ਜਸਪਾਲ ਸਿੰਘ ਸਿੱਧੂ ਅਤੇ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਦੀਪ ਸਿੰਘ ਹੈਪੀ ਵੱਲੋਂ ਉਕਤ ਐਕਟ ਨੂੰ ਲਾਗੂ ਕਰਾਉਣ ’ਚ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ।