ਨੈਸ਼ਨਲ ਟਾਈਮਜ਼ ਬਿਊਰੋ :- ਖਰੜ ਦੇ ਇੱਕ ਨਜ਼ਦੀਕੀ ਪਿੰਡ ‘ਚ ਇੱਕ 65 ਸਾਲਾ ਵਿਅਕਤੀ ਵੱਲੋਂ ਪਿੰਡ ਦੇ ਸਟੇਡੀਅਮ ‘ਚ ਇਕ ਪੋਲ ਦੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਉਕਤ ਮ੍ਰਿਤਕ ਵਿਅਕਤੀ ਵੱਲੋਂ ਕਥਿਤ ਤੌਰ ‘ਤੇ ਪਿੰਡ ਦੇ ਸਟੇਡੀਅਮ ਦੀਆਂ ਕੰਧਾਂ ਅਤੇ ਪਿੱਲਰਾਂ ‘ਤੇ ਆਪਣੇ ਹੀ ਪੁੱਤਰ ‘ਤੇ ਆਪਣੀ ਮਾਂ ਦੀ ਇੱਜ਼ਤ ਲੁੱਟਣ ਸਬੰਧੀ ਨੋਟ ਲਿਖੇ ਗਏ ਹਨ।
ਇਸ ਮਾਮਲੇ ਸਬੰਧੀ ਜਦੋਂ ਮ੍ਰਿਤਕ ਵਿਅਕਤੀ ਦੇ ਵੱਡੇ ਪੁੱਤਰ ਨਾਲ ਪੱਤਰਕਾਰਾਂ ਨੇ ਗੱਲਬਾਤ ਕੀਤੀ ਤਾਂ ਉਸਨੇ ਦੱਸਿਆ ਕਿ ਉਸਦਾ ਭਰਾ ਨਸ਼ਾ ਕਰਨ ਦਾ ਆਦੀ ਹੈ ਅਤੇ ਘਰ ‘ਚ ਮਾਂ-ਪਿਓ ਨੂੰ ਤੰਗ-ਪਰੇਸ਼ਾਨ ਕਰਦਾ ਸੀ। ਉਸਨੇ ਕਿਹਾ ਕਿ ਕੰਧਾਂ ‘ਤੇ ਲਿਖੇ ਨੋਟ ਬਿਲਕੁਲ ਸੱਚੇ ਹਨ। ਉਸ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਬੀਤੀ ਦੁਪਹਿਰ 2.30 ਵਜੇ ਦੇ ਕਰੀਬ ਦਵਾਈ ਲੈਣ ਦੇ ਲਈ ਘਰੋਂ ਬਾਹਰ ਨਿਕਲਿਆ ਸੀ ਪਰ ਸਵੇਰੇ ਉਨ੍ਹਾਂ ਨੂੰ ਉਸ ਵਲੋਂ ਖ਼ੁਦਕੁਸ਼ੀ ਕਰਨ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ।
ਇਸ ਤੋਂ ਬਾਅਦ ਉਹ ਘਟਨਾ ਵਾਲੀ ਜਗ੍ਹਾ ‘ਤੇ ਪਹੁੰਚੇ ਸਨ। ਇਸ ਮਾਮਲੇ ਸਬੰਧੀ ਜਦੋਂ ਪੁਲਸ ਥਾਣਾ ਘੜੂੰਆਂ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਨਾਲ ਪੱਤਰਕਾਰਾਂ ਨੇ ਫੋਨ ‘ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਕਤ ਮੁਲਾਜ਼ਮ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਖਰੜ ਦੇ ਮੁਰਦਾ ਘਰ ਵਿੱਚ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ।