ਗੁਰਪ੍ਰੀਤ ਸਿੰਘ :- ਫਤਿਹਗੜ੍ਹ ਸਾਹਿਬ ਵਿੱਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਇੱਕ ਵਿਸ਼ੇਸ਼ ਇਕੱਤਰਤਾ ਦਾ ਆਯੋਜਿਤ ਕੀਤਾ ਗਿਆ, ਜਿਸ ਵਿੱਚ ਜਥੇਬੰਦੀ ਵੱਲੋਂ 25 ਤੇ 26 ਫਰਵਰੀ ਨੂੰ ਕੱਢੀ ਜਾਣ ਵਾਲੀ ਖਾਲਸਾ ਵਹੀਰ ਦੇ ਸਬੰਧ ਵਿੱਚ ਵਿਚਾਰ ਚਰਚਾ ਕੀਤੀ ਗਈ। ਇਸ ਸਮਾਗਮ ਵਿੱਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਖਾਲਸਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਗੱਲਬਾਤ ਕਰਦਿਆਂ ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਖਾਲਸਾ ਵਹੀਰ ਨੂੰ ਸਫਲ ਬਣਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਤਰ੍ਹਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਸੰਗਤ ਨੂੰ ਇਸ ਯਾਤਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਖਾਲਸਾ ਵਹੀਰ 25 ਫਰਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਵੇਗੀ ਅਤੇ 26 ਫਰਵਰੀ ਨੂੰ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗੀ।
ਇਸ ਦੌਰਾਨ ਉਨ੍ਹਾਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੇ ਮਸਲੇ ‘ਤੇ ਵੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਡਰ ਹੈ ਕਿ ਜੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜੇਲ੍ਹ ਤੋਂ ਬਾਹਰ ਲਿਆਇਆ ਗਿਆ ਤਾਂ ਸਿਆਸੀ ਹਾਲਾਤ ਬਦਲ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਇਸੀ ਕਾਰਨ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਰੱਖਿਆ ਗਿਆ ਹੈ।
ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਜੇ ਸਰਕਾਰ ਨੂੰ ਲੱਗਦਾ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨਾਲ ਮਾਹੌਲ ਖਰਾਬ ਹੋ ਸਕਦਾ ਹੈ, ਤਾਂ ਮੌਜੂਦਾ ਸਮੇਂ ਵਿੱਚ ਜੋ ਕਤਲ ਅਤੇ ਲੁੱਟਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਉਹਨਾਂ ਲਈ ਕੌਣ ਜ਼ਿੰਮੇਵਾਰ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਤ ਹੋ ਰਹੀ ਹੈ।
ਉਨ੍ਹਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਚੋਣਾਂ ਲਈ ਤਿਆਰੀ ਕਰ ਰਹੀ ਹੈ। ਗਠਜੋੜ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਹਾਲੇ ਕੋਈ ਫੈਸਲਾ ਨਹੀਂ ਕੀਤਾ ਗਿਆ ਪਰ ਲੋੜ ਪੈਣ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।
ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੀ ਹੋਈ ਵਿਸ਼ੇਸ ਇਕੱਤਰਤਾ
