ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਪਿਛਲੇ ਸਮੇਂ ਤੋਂ ਚੱਲ ਰਹੇ ਇੱਕ ਗੰਭੀਰ ਪੰਥਕ ਮਾਮਲੇ ਵਿੱਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 15 ਜਨਵਰੀ 2026 ਨੂੰ ਸਕੱਤਰੇਤ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਸੱਦਿਆ ਗਿਆ ਹੈ।
ਇਹ ਕਾਰਵਾਈ ਉਸ ਸਮੇਂ ਅਮਲ ਵਿੱਚ ਲਿਆਂਦੀ ਗਈ ਹੈ ਜਦੋਂ ਮੁੱਖ ਮੰਤਰੀ ਵੱਲੋਂ ਸਿੱਖ ਰਹਿਤ ਮਰਯਾਦਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਅਤੇ ਸਿੱਖ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਦਸਵੰਧ ਦੇ ਸਿਧਾਂਤ ‘ਗੁਰੂ ਕੀ ਗੋਲਕ’ ਸਬੰਧੀ ਵਾਰ-ਵਾਰ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਸਾਹਮਣੇ ਆਏ। ਇਸ ਤੋਂ ਇਲਾਵਾ ਹਾਲ ਹੀ ਵਿੱਚ ਸਾਹਮਣੇ ਆਈ ਇੱਕ ਵੀਡੀਓ ਵਿੱਚ ਮੁੱਖ ਮੰਤਰੀ ਨੂੰ ਸਿੱਖ ਗੁਰੂ ਸਾਹਿਬਾਨ ਅਤੇ 20ਵੀਂ ਸਦੀ ਦੇ ਮਹਾਨ ਸਿੱਖ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਅਤਿ-ਇਤਰਾਜ਼ਯੋਗ ਗਤੀਵਿਧੀ ਕਰਦੇ ਹੋਏ ਵੀ ਵੇਖਿਆ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ ਹੈ। ਦਾਸ ਮੁੱਖ ਮੰਤਰੀ ਵਜੋਂ ਨਹੀਂ, ਸਗੋਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜ਼ਰ ਹੋਵੇਗਾ।”
ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਦੌਰੇ ਲਈ ਉਹ ਪਹਿਲਾਂ ਹੀ ਮਾਫ਼ੀ ਮੰਗਦੇ ਹਨ, ਕਿਉਂਕਿ ਉਨ੍ਹਾਂ ਲਈ ਸਭ ਤੋਂ ਉੱਚਾ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਉਸ ਤੋਂ ਆਇਆ ਹੁਕਮ ਹੈ, ਜੋ ਉਹ ਸਦਾ ਸਿਰ ਮੱਥੇ ਰੱਖਦੇ ਆਏ ਹਨ।
ਜਥੇਦਾਰ ਗੜਗੱਜ ਦਾ ਸਖ਼ਤ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਇੱਕ ਸੰਵਿਧਾਨਕ ਉੱਚ ਅਹੁਦੇ ’ਤੇ ਬੈਠਾ ਵਿਅਕਤੀ ਹੈ ਅਤੇ ਉਸ ਵੱਲੋਂ ਕੀਤੇ ਗਏ ਸਿੱਖ ਵਿਰੋਧੀ ਪ੍ਰਗਟਾਵੇ ਉਸਦੀ ਅੰਦਰੂਨੀ ਰਾਜਸੀ ਹੈਂਕੜ ਨੂੰ ਦਰਸਾਉਂਦੇ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਮੁੱਖ ਮੰਤਰੀ ਪਤਿਤ ਹੋਣ ਕਾਰਨ ਸਿੱਖ ਰਵਾਇਤ ਅਨੁਸਾਰ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਸਾਹਮਣੇ ਪੇਸ਼ ਨਹੀਂ ਕੀਤਾ ਜਾ ਸਕਦਾ। ਇਸ ਲਈ ਉਨ੍ਹਾਂ ਨੂੰ 15 ਜਨਵਰੀ ਨੂੰ ਨਿੱਜੀ ਤੌਰ ’ਤੇ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਜਥੇਦਾਰ ਗੜਗੱਜ ਨੇ ਦੋ ਟੁੱਕ ਕਿਹਾ ਕਿ ਸਿੱਖ ਰਹਿਤ ਮਰਯਾਦਾ ਨੂੰ ਚੁਣੌਤੀ ਅਤੇ ਸਿੱਖ ਭਾਵਨਾਵਾਂ ਨਾਲ ਖਿਡਾਰਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
